ਚੰਡੀਗੜ੍ਹ:ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ 'ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
'ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ':ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜਿੰਦਾ ਰੱਖਣਗੇ ਬਲਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ।
ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ। ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਲੋਨੀਆਂ ਦੀ ਉਸਾਰੀ ਦੀ ਪ੍ਰਕਿਰਿਆ ਵਿੱਚ ਕਿਸੇ ਨੂੰ ਇਸ ਸਬੰਧੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।