ਮੋਗਾ: 2015 ਵਿੱਚ ਮੋਗਾ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਸੇਵਕ ਸਿੰਘ ਵਾਸੀ ਮੱਲਕੇ ਮੋਗਾ ਦੇ ਸਿਵਲ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਗਵਾਹੀ ਲਈ ਪੇਸ਼ ਹੋਏ। ਗਵਾਹੀ ਦੌਰਾਨ ਸੇਵਕ ਸਿੰਘ ਨੇ ਦੋਸ਼ ਲਗਾਇਆ ਕਿ ਉਸ ਨੂੰ ਗਵਾਹੀ ਤੋਂ ਮੁੱਕਰਨ ਲਈ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਅਤੇ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਉਸ ਨੂੰ ਗਵਾਹੀ ਦੇਣ ਕਰਕੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਉਨ੍ਹਾਂ ਨੇ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ।
ਬੇਅਦਬੀ ਮਾਮਲੇ ਦੇ ਮੁੱਖ ਗਵਾਹ ਦੀ ਹੋਈ ਪੇਸ਼ੀ, ਡੇਰਾ ਪ੍ਰੇਮੀਆਂ ਉੱਤੇ ਲਗਾਏ ਦੋਸ਼
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਸੇਵਕ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਨੂੰ ਡੇਰਾ ਸਿਰਸਾ ਪ੍ਰੇਮੀਆਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਮਿਲ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।
ਇਸ ਸਬੰਧੀ ਸੋਮਵਾਰ ਨੂੰ ਮੋਗਾ ਦੇ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਪਹੁੰਚੇ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਸੇਵਕ ਸਿੰਘ ਅਤੇ ਉਸ ਦੇ ਨਾਲ ਦੇ ਸਾਥੀ ਜੋ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਮਾਮਲੇ ਵਿੱਚ ਮੁੱਖ ਗਵਾਹ ਹਨ, ਉਨ੍ਹਾਂ ਦੇ ਨਾਲ ਹਰ ਹਾਲਤ ਵਿੱਚ ਖੜ੍ਹੇ ਹਨ। ਉਨ੍ਹਾਂ ਨੇ ਕਿਹਾ ਕਿ ਡੇਰਾ ਸਰਸਾ ਦੇ ਪ੍ਰੇਮੀਆਂ ਵੱਲੋਂ ਗਵਾਹਾਂ ਨੂੰ ਖਰੀਦਣ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਦੀ ਸਰਕਾਰ ਮਿਲ ਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਪ੍ਰੋਟੈਕਸ਼ਨ ਵਾਰੰਟ ਦੇ ਆਧਾਰ 'ਤੇ ਕੋਰਟ ਵਿੱਚ ਪੇਸ਼ ਕੀਤਾ ਜਾਵੇ ਅਤੇ ਉਸ ਦੀ ਸੀਆਈਏ ਸਟਾਫ਼ ਵੱਲੋਂ ਸਖ਼ਤੀ ਨਾਲ ਪੁੱਛਗਿਛ ਕੀਤੀ ਜਾਵੇ ਤਾਂ ਉਹ ਬੇਅਦਬੀ ਮਾਮਲੇ ਵਿੱਚ ਆਪਣੇ ਦੋਸ਼ ਆਪ ਹੀ ਕਬੂਲ ਕਰ ਲਵੇਗਾ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਮਾਮਲੇ ਵਿੱਚ ਸਾਰਾ ਸੱਚ ਸਾਹਮਣੇ ਆ ਚੁੱਕਾ ਹੈ ਫਿਰ ਵੀ ਸਰਕਾਰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਕਤਰਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਜਦ ਇਹ ਬਿਲਕੁਲ ਸਾਫ਼ ਹੋ ਚੁੱਕਾ ਹੈ ਕਿ ਡੇਰਾ ਪ੍ਰੇਮੀਆਂ ਵੱਲੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਅਤੇ ਕਰਵਾਈ ਗਈ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਉਨ੍ਹਾਂ ਨੂੰ ਛੇਤੀ ਤੋਂ ਛੇਤੀ ਗ੍ਰਿਫ਼ਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।