ਮੋਗਾ: ਬੀਜੇਪੀ ਜ਼ਿਲ੍ਹਾ ਪ੍ਰਧਾਨ ਵਿਨੈ ਸ਼ਰਮਾ ਵੱਲੋਂ ਐਸਐਸਪੀ ਮੋਗਾ ਨੂੰ ਦਿੱਤੀ ਗਈ ਦਰਖਾਸਤ ਤੋਂ ਬਾਅਦ ਕਿਸਾਨ ਆਗੂਆਂ ਨੇ ਮੀਡੀਆ ਨੂੰ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਵਿਨੈ ਸ਼ਰਮਾ ਗੰਨਮੈਨ ਲੈਣ ਦੀ ਖਾਤਰ ਕਿਸਾਨਾਂ ਖ਼ਿਲਾਫ਼ ਗਲਤ ਦਰਖਾਸਤਾਂ ਦੇ ਕੇ ਡਰਾਮੇਬਾਜ਼ੀ ਕਰ ਰਿਹਾ ਹੈ। ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜੇਕਰ ਵਿਨੈ ਸ਼ਰਮਾ ਸਚਮੁਚ ਕਿਸਾਨਾਂ ਦਾ ਸਮਰਥਨ ਕਰਦਾ ਹੈ ਤਾਂ ਫੋਕੀ ਬਿਆਨਬਾਜ਼ੀ ਦੀ ਬਜਾਏ ਉਹ ਕਿਸਾਨਾਂ ਦੇ ਨਾਲ ਧਰਨੇ ਵਿੱਚ ਆ ਕੇ ਸ਼ਮੂਲੀਅਤ ਕਰਨ ਅਤੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ।
ਇਸ ਮੌਕੇ ਗੱਲਬਾਤ ਦੌਰਾਨ ਕਿਸਾਨ ਆਗੂ ਜਗਤਾਰ ਸਿੰਘ ਅਤੇ ਨਿਹੰਗ ਜਤਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚੋਂ ਬੀਜੇਪੀ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਹੀ ਕਿਸਾਨਾਂ ਦਾ ਮੁੱਖ ਮੰਤਵ ਹੈ। ਉਨ੍ਹਾਂ ਕਿਹਾ ਕਿ ਜੋ ਵੀ ਉਨ੍ਹਾਂ ਦੇ ਆਗੂਆਂ ਵੱਲੋਂ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤੇ ਜਾਂਦੇ ਹਨ ਉਸ ਮੁਤਾਬਕ ਹੀ ਰਣਨੀਤੀ ਬਣਾਈ ਜਾਂਦੀ ਹੈ ਤੇ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਨੈ ਸ਼ਰਮਾ ਵੱਲੋਂ ਕਿਸਾਨਾਂ 'ਤੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।