ਮੋਗਾ: ਜ਼ਿਲ੍ਹੇ ਵਿੱਚ ਸੀਆਈਏ ਬਾਘਾਪੁਰਾਣਾ ਨੇ ਵੱਡੀ ਮਾਤਰਾ ਵਿੱਚ ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਦਾ ਜਖੀਰਾ ਬਰਾਮਦ ਕੀਤਾ ਹੈ। ਮਾਮਲੇ ਸਬੰਧੀ ਆਈਜੀ ਫ਼ਰੀਦਕੋਟ ਪੀ ਕੇ ਯਾਦਵ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚੱਲ ਰਹੀ ਜੰਗ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਇੰਟਰ-ਸਰਵਿਸਿਜ਼ ਇੰਟੈਲੀਜੈਂਸ ਦੀ ਹਮਾਇਤ ਪ੍ਰਾਪਤ ਡਰੋਨ ਅਧਾਰਤ ਖਾਲਿਸਤਾਨ ਟਾਈਗਰ ਫੋਰਸ ਅੱਤਵਾਦੀ ਮਾਡਿਊਲ ਦੇ ਇੱਕ ਹੋਰ ਆਪਰੇਟਿਵ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਦੀ ਕਾਰ ਵਿੱਚੋਂ ਪੁਲਿਸ ਨੇ ਤਿੰਨ ਹੈਂਡ ਗਰਨੇਡ ਅਤੇ ਹਥਿਆਰ ਬਰਾਮਦ ਕੀਤੇ ਹਨ।
ਇਹ ਅੱਤਵਾਦੀ ਮਾਡਿਊਲ ਕੈਨੇਡਾ-ਅਧਾਰਤ ਅੱਤਵਾਦੀ ਅਤੇ ਗੈਂਗਸਟਰ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਵਲੋ ਚਲਾਇਆ ਜਾ ਰਿਹਾ ਹੈ, ਜੋ ਕੇ.ਟੀ.ਐਫ. ਦੇ ਕੈਨੇਡਾ ਸਥਿਤ ਮੁਖੀ ਹਰਦੀਪ ਸਿੰਘ ਨਿੱਝਰ ਦਾ ਨਜਦੀਕੀ ਸਾਥੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੀਰਾ ਵਾਸੀ ਜੁਝਾਰ ਨਗਰ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ.30 ਬੋਰ ਅਤੇ 9 ਐਮਐਮ ਬਰੇਟਾ ਦੇ 2 ਪਿਸਤੌਲ ਸਮੇਤ 60 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।