ਮੋਗਾ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਜ਼ਿਲ੍ਹਾ ਮੋਗਾ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਮੋਗਾ ਵਿੱਚ ਰੈਲੀ ਦੌਰਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਕਰਦਿਆਂ ਭਰੋਸਾ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ’ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰ੍ਹਾਂ ਸਫਾਇਆ ਕਰ ਦੇਵੇਗੀ।
ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦਿਆਂ ਦੋਹਾਂ ਆਗੂਆਂ ਨੇ ਮੋਦੀ ਵਲੋਂ ਸ਼ੁਰੂ ਕੀਤੀ ਗਈ ਸਕੀਮਾਂ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ ਹੈ।ਇਸ ਦੇ ਨਾਲ ਹੀ ਕੈਪਟਨ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮੁਆਫ਼ੀ ਸਕੀਮ ਲਈ ਕੈਪਟਨ ਦੀ ਸ਼ਲਾਘਾ ਕੀਤੀ। ਇਸ ਤਹਿਤ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਈ ਜਾਵੇਗੀ। ਨਾਲ ਹੀ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ।ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਂਕੀਦਾਰ ਸਪੱਸ਼ਟ ਤੌਰ ’ਤੇ ਚੋਰ ਹੈ। ਉਨ੍ਹਾਂ ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨਾਂ ਫ਼ਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ। ਰਾਹੁਲ ਨੇ ਕਿਹਾ ਕਿ ਇੰਨਾਂ ਦੇ ਮਿਲਣ ’ਚ ਦੇਰੀ ਹੋਣ ਦਾ ਕਾਰਨ ਭਾਰਤੀ ਹਵਾਈ ਫ਼ੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨ੍ਹਾਂ ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੋਇਆ ਹੈ।ਰਾਹੁਲ ਗਾਂਧੀ ਨੇ ਪਿਛਲੀਆਂ ਚੋਣਾਂ ਦੌਰਾਨ ਮੋਦੀ ਵੱਲੋਂ ਹਰ ਪਰਿਵਾਰ ਦੇ ਖਾਤੇ ਵਿੱਚ 15 ਲੱਖ ਰੁਪਏ ਜਮਾਂ ਕਰਾਉਣ ਦੇ ਮਾਮਲੇ 'ਚ ਰੈਲੀ 'ਚ ਮੌਜੂਦ ਭੀੜ ਤੋਂ ਪੁੱਛਿਆ ਕਿ ਕਿਸੇ ਦੇ ਖਾਤੇ ਵਿੱਚ ਮੋਦੀ ਵੱਲੋਂ ਕੀਤੇ ਗਏ ਵਾਅਦੇ ਮੁਤਾਬਕ ਰਾਸ਼ੀ ਆਈ ਹੈ। ਇਸ ਦੇ ਜਵਾਬ ਵਿੱਚ ਲੋਕਾਂ ਨੇ ‘ਨਾ’ ਦਾ ਉੱਤਰ ਦਿੱਤਾ। ਉਨ੍ਹਾਂ ਕਿਹਾ ਕਿ ਮੋਦੀ ਨੇ ਪੰਜਾਬ ਵਿਧਾਨ ਸਭਾ 2017 ਦੀਆਂ ਦੀਆਂ ਚੋਣਾਂ ਤੋਂ ਪਹਿਲਾਂ ਬਾਦਲਾਂ ਨਾਲ ਸਮਝੌਤਾ ਕੀਤਾ ਤੇ ਨੋਟਬੰਦੀ ਦੇ ਫ਼ੈਸਲੇ ਨਾਲ ਗੈਰ-ਰਸਮੀ ਸੈਕਟਰ ਨੂੰ ਤਬਾਹੀ ’ਤੇ ਪਹੁੰਚਾ ਦਿੱਤਾ।ਓਧਰ, ਰਾਹੁਲ ਗਾਂਧੀ ਦੀ ਰੈਲੀ 'ਚ ਸਰਕਾਰ ਵਲੋਂ ਜੰਮ ਕੇ ਕਾਨੂੰਨ ਦੀਆਂ ਧੱਜੀਆਂ ਉਡਾਈਆ ਗਈਆਂ ਤੇ ਸਰਕਾਰੀ ਮਸ਼ੀਨਰੀ ਦੀ ਦੁਰ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਸਰਕਾਰੀ ਅਤੇ ਸਕੂਲੀ ਬਸਾਂ ਵਿੱਚ ਪੋਲੀਟੀਕਲ ਬੈਨਰ ਲਗਾ ਕੇ ਸਵਾਰੀਆਂ ਢੋਣ ਦਾ ਕੰਮ ਵੀ ਕੀਤਾ ਗਿਆ।