ਮੋਗਾ: ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਅਤੇ ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਦੇ ਸ਼ੱਕੀ ਤਰੀਕੇ ਦੇ ਖਿਲਾਫ਼ ਕਾਂਗਰਸ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੰਗਲਵਾਰ ਨੂੰ ਧਰਨੇ ਲਗਾਏ ਗਏ। ਮੋਗਾ ਦੇ ਮੇਨ ਚੌਂਕ ਵਿੱਚ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਜ਼ਿਲ੍ਹੇ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵਰਕਰਾਂ ਵੱਲੋਂ ਧਰਨਾ ਲਗਾਇਆ ਗਿਆ। ਇਸ ਧਰਨੇ ਵਿੱਚ ਪਹੁੰਚੇ ਕਾਂਗਰਸ ਦੇ ਵੱਖ-ਵੱਖ ਲੀਡਰਾਂ ਨੇ ਆਏ ਹੋਏ ਵਰਕਰਾਂ ਅਤੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਅਤੇ ਲੋਕਤੰਤਰ ਦਾ ਘਾਣ ਕਰਨ ਵਾਲੀਆਂ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਇਹ ਕਸ਼ਮੀਰੀ ਲੋਕਾਂ ਦੀ ਆਜ਼ਾਦੀ 'ਤੇ ਇਹ ਖ਼ਤਰਨਾਕ ਵਾਰ ਕੀਤਾ ਗਿਆ ਹੈ। ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦੇ ਹੋਏ ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਕਿਹਾ ਕਿ ਜਿਹੜੇ ਸੂਬਿਆਂ ਵਿੱਚ ਬੀਜੇਪੀ ਦੀ ਸਰਕਾਰ ਨਹੀਂ ਹੈ ਉਨ੍ਹਾਂ ਨਾਲ ਕੇਂਦਰ ਦੀ ਮੋਦੀ ਸਰਕਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ।