ਮੋਗਾ : ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਨਵੇਂ ਆਏ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਦੀ ਇੱਕ ਮੀਟਿੰਗ ਬੁਲਾਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਨੂੰ ਬੁਲਾਉਣ ਦਾ ਮੁੱਖ ਮਕਸਦ ਅਧਿਕਾਰੀਆਂ ਨਾਲ ਜਾਣ ਪਛਾਣ ਅਤੇ ਪੈਡਿੰਗ ਪਏ ਸਰਕਾਰੀ ਕੰਮਾਂ ਬਾਰੇ ਜਾਨਣਾ ਹੈ।
ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਅਤੇ ਸਾਫ਼ ਸੁਥਰੇ ਤਰੀਕੇ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮਿਲਣਾ ਚਾਹੀਦਾ ਹੈ। ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਸਮੇਂ ਦੀ ਪਾਲਣਾ ਕਰਨ ਨੂੰ ਵੀ ਤਰਜੀਹ ਦੇਣ।