ਮੋਗਾ:ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ (Government procurement of wheat) ਮਿਤੀ 4 ਅਪ੍ਰੈਲ ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ। ਜਿਸ ਲਈ ਜ਼ਿਲ੍ਹਾ ਮੋਗਾ ਵਿੱਚ ਵੀ ਖਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨੇ ਅਗਾਊਂ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਆਪਣੇ ਦਫ਼ਤਰ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਇਹ ਵੀ ਪੜੋ:Hola Mohalla 2022: ਹੋਲੇ ਮਹੱਲਾ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ (Department of Agriculture) ਵੱਲੋਂ ਪ੍ਰਾਪਤ ਅੰਕੜਿਆਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 53 ਕੁਇੰਟਲ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ। ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 51.40 ਕੁਇੰਟਲ ਦਰਜ ਕੀਤੀ ਗਈ ਸੀ।
ਉਹਨਾਂ ਕਿਹਾ ਕਿ ਭਾਵੇਂ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 1000 ਹੈਕਟੇਅਰ ਘੱਟ ਕਣਕ ਦੀ ਬਿਜਾਈ ਕੀਤੀ ਗਈ ਹੈ, ਪਰ ਵਧੀਆ ਮੌਸਮ ਅਤੇ ਧਰਤੀ ਦੀ ਚੰਗੀ ਉਪਜਾਊ ਸ਼ਕਤੀ ਦੇ ਚੱਲਦਿਆਂ ਪ੍ਰਤੀ ਹੈਕਟੇਅਰ ਪੈਦਾਵਾਰ ਵਧਣ ਦੀ ਪ੍ਰਬਲ ਸੰਭਾਵਨਾ ਹੈ। ਉਹਨਾਂ ਕਿਹਾ ਕਿ ਪਿਛਲੇ ਸਾਲ 9 ਲੱਖ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ ਹੋ ਕਿ ਇਸ ਸਾਲ 9 ਲੱਖ 33 ਹਜ਼ਾਰ ਮੀਟ੍ਰਿਕ ਟਨ ਖਰੀਦ ਕਰਨ ਦਾ ਟੀਚਾ ਹੈ।