ਮਾਨਸਾ: ਲੋਕ ਸਭਾ ਤੇ ਰਾਜ ਸਭਾ ਵਿੱਚ ਖੇਤੀ ਆਰਡੀਨੈਂਸਾਂ ਦੇ ਪਾਸ ਹੋਣ 'ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਖਿਆਲ ਕਲਾਂ ਵਿਖੇ ਕੇਂਦਰ ਸਰਕਾਰ ਦੀ ਅਰਥੀ ਫੂਕ ਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੀ ਕਾਪੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਜਨਰਲ ਸਕੱਤਰ ਮੱਖਣ ਸਿੰਘ ਨੇ ਕਿਹਾ ਕਿ ਆਲ ਇੰਡੀਆ ਤਾਲਮੇਲ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਪੂਰੇ ਪੰਜਾਬ ਵਿੱਚ ਕਿਸਾਨ ਮਜ਼ਦੂਰ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਇਕਜੁੱਟ ਹੋਈਆਂ ਹਨ।
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾਂ ਜਨਰਲ ਸਕੱਤਰ ਮੋਹਿੰਦਰ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਉੱਤੇ ਪੰਜਾਬ ਸੂਬੇ ਦੀ 31 ਜੱਥੇਬੰਦੀਆਂ ਵੱਲੋਂ 25 ਤਰੀਕ ਨੂੰ ਪੰਜਾਬ ਬੰਦ ਕੀਤਾ ਜਾਵੇਗਾ ਤੇ ਸੜਕਾਂ ਰੇਲਗੱਡੀਆਂ ਨੂੰ ਮੁਕੰਮਲ ਤਰੀਕੇ ਨਾਲ ਬੰਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 25 ਤਰੀਕ ਨੂੰ ਸਾਰੇ ਕਿਸਾਨ ਮਜ਼ਦੂਰ ਕਰੋ ਜਾਂ ਮਰੋ ਦਾ ਫੈਸਲਾ ਕਰਕੇ ਬੈਠਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਕਾਲਾ ਕਾਨੂੰਨ ਲੋਕ ਸਭਾ ਤੇ ਰਾਜ ਸਭਾ ਵਿੱਚ ਪਾਸ ਹੋ ਗਿਆ ਹੈ ਪਰ ਲੋਕ ਇਸ ਕਾਲੇ ਕਾਨੂੰਨ ਨੂੰ ਦੇਸ਼ ਵਿੱਚ ਲਾਗੂ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਕਿਸਾਨ ਮਜ਼ਦੂਰਾਂ ਦੇ ਘਰਾਂ ਦੇ ਚੁੱਲ੍ਹੇ ਠੰਢੇ ਪੈਣ ਜਾਣਗੇ। ਕਿਸਾਨ ਆਪਣੇ ਖੇਤ ਵਿੱਚ ਆਪ ਦਿਹਾੜੀ ਕਰਨ ਲਈ ਮਜ਼ਬੂਰ ਹੋਣ ਜਾਣਗੇ।
ਇਹ ਵੀ ਪੜ੍ਹੋ:ਆਰਡੀਨੈਂਸ ਦੇ ਵਿਰੋਧ 'ਚ ਸਾੜਿਆ ਪ੍ਰਧਾਨ ਮੰਤਰੀ ਦਾ ਪੁਤਲਾ, ਪਕੌੜੇ ਤਲ ਕੀਤਾ ਰੋਸ ਜ਼ਾਹਿਰ