ਮੋਗਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨਸ਼ਿਆਂ ਦਾ ਖਾਤਮਾ ਕਰਨ ਲਈ ਵਚਨਬੱਧ ਹੈ। ਪੰਜਾਬ ਪੁਲਿਸ ਨਸ਼ਾ ਤਸਕਰਾਂ ਅਤੇ ਹੋਰ ਮਾੜੇ ਅਨਸਰਾਂ ਦੀਆਂ ਮਾੜੀਆਂ ਗਤੀਵਿਧੀਆਂ ’ਤੇ ਲਗਾਤਾਰ ਨਕੇਲ ਕਸ ਰਹੀ ਹੈ ਤਾਂ ਕਿ ਇੰਨ੍ਹਾਂ ਦੇ ਮਾੜੇ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਿਆ ਜਾ ਸਕੇ।
ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਮੋਗਾ ਪੁਲਿਸ ਵੀ ਨਸ਼ਾ ਤਸਕਰਾਂ ਉੱਪਰ ਆਪਣੀ ਬਾਜ਼ ਅੱਖ ਰੱਖ ਰਹੀ ਹੈ ਅਤੇ ਇੰਨ੍ਹਾਂ ਨੂੰ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈਆਂ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਪੁਲਿਸ ਵੱਲੋਂ ਸੈਮਲ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਤੋਤਾ ਸਿੰਘ ਵਾਲਾ ਜ਼ਿਲ੍ਹਾ ਮੋਗਾ ਨੂੰ 10 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰਕੇ ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਕੋਟ ਈਸੇ ਖਾਂ ਵਿਖੇ ਮੁਕੱਦਮਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਅਵਤਾਰ ਸਿੰਘ ਉਰਫ ਮਿੰਟਾ ਪੁੱਤਰ ਬਲਵਿੰਦਰ ਸਿੰਘ ਵਾਸੀ ਲੰਗੇਆਣਾ ਨਵਾਂ ਪਾਸੋਂ 290 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮ ਉੱਪਰ ਐਨ. ਡੀ. ਪੀ. ਐਸ ਐਕਟ ਤਹਿਤ ਥਾਣਾ ਬਾਘਾਪੁਰਾਣਾ ਵਿਖੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ।