ਮੋਗਾ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਵਿਸ਼ੇਸ ਤੌਰ 'ਤੇ ਮੋਗਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਜ਼ਿਲ੍ਹਾ ਹੈੱਡਕੁਆਰਟਰ ਦੇ ਡੀ.ਸੀ ਨੂੰ ਕੈਪਟਨ ਦੇ ਨਾਂਅ ਦਾ ਮੰਗ ਪੱਤਰ ਦਿੱਤਾ। ਇਸ ਮੰਗ ਪੱਤਰ ਵਿੱਚ ਉਨ੍ਹਾਂ ਨੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਤੇ ਵਜੀਫੇ ਵਿੱਚ ਹੋਏ ਘੁਟਾਲੇ ਦੀ ਸੀਬੀਆਈ ਜਾਂਚ ਕਰਨ ਦੀ ਮੰਗ ਕੀਤੀ।
ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨੀਂ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੇ ਐਸ.ਸੀ ਵਿੰਗ ਮਨਵਿੰਦਰ ਸਿੰਘ ਗੈੱਸਪੁਰਾ ਜਰਨੈਲ ਨੰਗਲ ਦੀ ਅਗਵਾਈ ਵਿੱਚ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਘਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਸੀ। ਜਿੱਥੇ ਸਾਰੇ ਦਲਿਤ ਵਰਗ ਦੇ ਲੋਕਾਂ ਨੇ ਆਪਣੇ ਕਪੜੇ ਲਾਹ ਕੇ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਨੇ ਕਿਹਾ ਕਿ ਐਸਸੀ, ਬੀਸੀ ਦੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਜਿਹੜਾ ਵਜ਼ੀਫਾ ਮਿਲਦਾ ਹੈ ਉਸ ਨੂੰ ਕੈਬਿਨੇਟ ਮੰਤਰੀ ਧਰਮਸੋਤ ਨੇ ਖਾਂਦਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਇਸ ਦੇ ਤਹਿਤ ਡੀਸੀ ਨੂੰ ਕੈਪਟਨ ਸਰਕਾਰ ਦੇ ਨਾਂਅ ਦਾ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੈਪਟਨ ਸਰਕਾਰ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ ਤਾਂ ਉਹ ਆਉਣ ਵਾਲੀ 7 ਸਤੰਬਰ ਨੂੰ ਪਟਿਆਲਾ ਵਿੱਚ ਮੋਤੀ ਮਹਿਲ ਦਾ ਘਰਾਓ ਕਰਨਗੇ।