ਚੰਡੀਗੜ੍ਹ/ਮੋਗਾ:ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਗਾ ਪੁਲਿਸ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਉਪਰੰਤ ਗੋਪੀ ਡੱਲੇਵਾਲੀਆ ਗੈਂਗ ਦੇ ਤਿੰਨ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰਕੇ ਸੰਤੋਖ ਸਿੰਘ ਕਤਲ ਕੇਸ ਦੀ ਗੁੱਥੀ ਨੂੰ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਗੋਪੀ ਡੱਲੇਵਾਲੀਆ ਭਗੌੜਾ ਹੈ, ਜਿਸ ਵਿਰੁੱਧ 12 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ। ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ਼ ਗੋਰੂ ਬੱਚਾ ਕਤਲ ਦੇ ਮਾਸਟਰਮਾਈਂਡ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।
ਬਦਮਾਸ਼ਾਂ ਨੇ ਗੋਲੀਆਂ ਚਲਾਈਆਂ :ਜ਼ਿਕਰਯੋਗ ਹੈ ਕਿ ਬੀਤੀ 16 ਤਰੀਕ ਨੂੰ ਮੋਗਾ ਵਿਖੇ ਸ਼ਹੀਦ ਭਗਤ ਸਿੰਘ ਨਗਰ 'ਚ ਚਾਰ ਵਿਅਕਤੀਆਂ ਨੇ ਆ ਕੇ ਸੰਤੋਖ ਸਿੰਘ ਨਾਂਅ ਦੇ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ ਸਨ। ਬਦਮਾਸ਼ਾਂ ਨੇ ਦੋ ਗੋਲੀਆਂ ਚਲਾਈਆਂ, ਇੱਕ ਗੋਲੀ ਮ੍ਰਿਤਕ ਸੰਤੋਖ ਸਿੰਘ ਦੀ ਛਾਤੀ ਵਿਚ ਅਤੇ ਇਕ ਪੇਟ 'ਚ ਲੱਗੀ, ਜਿਸ ਕਾਰਨ ਸੰਤੋਖ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਉਮਰ 60-65 ਸਾਲ ਦੱਸੀ ਜਾ ਰਹੀ ਸੀ। ਇਹ ਘਟਨਾ ਮੋਗਾ ਦੇ ਸ਼ਹੀਦ ਭਗਤ ਸਿੰਘ ਨਗਰ ਦੀ ਹੈ, ਜਿੱਥੇ ਚਾਰ ਅਣਪਛਾਤੇ ਬਦਮਾਸ਼ ਆਏ ਸੀ ਅਤੇ ਉਸ ਦੇ ਲੜਕੇ ਬਾਰੇ ਪੁੱਛਣ ਲੱਗੇ। ਕੁੱਝ ਸਮਾਂ ਗੱਲਬਾਤ ਕਰਨ ਤੋਂ ਬਾਅਦ ਬਦਮਾਸ਼ਾਂ ਨੇ ਦੋ ਗੋਲੀਆਂ ਚਲਾਈਆਂ ਅਤੇ ਬਜ਼ੁਰਗ ਨੂੰ ਗੋਲੀ ਮਾਰ ਕੇ ਫ਼ਰਾਰ ਹੋ ਗਏ ਸੀ। ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਸੀ।ਬਾਕੀ ਫਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।