ਪਠਾਨਕੋਟ: ਪੰਜਾਬ ਸਰਕਾਰ ਸੂਬੇ 'ਚ ਜਨਤਾ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਕਰਦੀ ਹੈ, ਪਰ ਜ਼ਮੀਨੀ ਪੱਧਰ ਉੱਤੇ ਇਹ ਦਾਅਵੇ ਪੂਰੀ ਤਰ੍ਹਾਂ ਖੋਖਲੇ ਨਜ਼ਰ ਆ ਰਹੇ ਹਨ। ਜ਼ਿਲ੍ਹੇੇ ਦੇ ਕਈ ਪਿੰਡਾਂ ਦੇ ਚੌਕੀਦਾਰਾਂ ਨੇ ਇੱਕਠੇ ਹੋ ਕੇ ਹਲਕਾ ਭੋਆ ਦੇ ਵਿਧਾਇਕ ਜੋਗਿੰਦਰ ਪਾਲ ਨੂੰ ਸਰਕਾਰ ਦੇ ਨਾਂਅ ਆਪਣਾ ਮੰਗ ਪੱਤਰ ਸੌਂਪਿਆ ਹੈ।
ਚੌਕੀਦਾਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿੱਚ ਸਰਕਾਰ ਵੱਲੋਂ ਚੌਕੀਦਾਰ ਰੱਖੇ ਗਏ ਹਨ, ਪਰ ਮਹਿੰਗਾਈ ਦੇ ਇਸ ਦੌਰ ਵਿੱਚ ਉਨ੍ਹਾਂ ਨੂੰ ਸਰਕਾਰੀ ਤੌਰ 'ਤੇ ਮਹਿਜ 40 ਰੁਪਏ ਦਿਹਾੜੀ ਮਿਲਦੀ ਹੈ। ਇਸ ਦਿਹਾੜੀ ਨਾਲ ਉਨ੍ਹਾਂ ਲਈ ਗੁਜਾਰਾ ਕਰਨਾ ਤੇ ਪਰਿਵਾਰ ਪਾਲਣਾ ਔਖਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਵਿਧਾਇਕ ਨੂੰ ਸਰਕਾਰ ਦੇ ਨਾਂਅ ਇੱਕ ਮੰਗ ਪੱਤਰ ਸੌਂਪਿਆ ਹੈ। ਚੌਕੀਦਾਰਾਂ ਨੇ ਸਰਕਾਰ ਕੋਲੋਂ ਹਰਿਆਣਾ ਹਿਮਾਚਲ ਦੀ ਤਰਜ 'ਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਧਾਏ ਜਾਣ ਤੇ ਮੈਡੀਕਲ ਸੁਵਿਧਾਵਾਂ ਪ੍ਰਦਾਨ ਕੀਤੇ ਜਾਣ ਦੀ ਮੰਗ ਕੀਤੀ ਹੈ।