ਪਟਿਆਲਾ:ਦੇਸ਼ ਵਿੱਚ ਮੁੜ ਤੋਂ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ ਜਿਸ ਤੋਂ ਬਾਅਦ ਕੋਰੋਨਾ ਦੀ ਚੌਥੀ ਲਹਿਰ ਦਾ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ। ਪੰਜਾਬ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਵਿੱਚ 122 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇੰਨ੍ਹੇ ਜ਼ਿਆਦਾ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਪ੍ਰਸ਼ਾਸਨ ਵੱਲੋਂ ਕੋਰੋਨਾ ਨੂੰ ਲੈਕੇ ਯੂਨੀਵਰਸਿਟੀ ਵਿੱਚ ਸਖ਼ਤੀ ਵਧਾ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਯੂਨੀਵਰਸਿਟੀ ਵਿੱਚ ਕੋਰੋਨਾ ਦਾ ਪਹਿਲਾ ਮਾਮਲਾ 26 ਅਪ੍ਰੈਲ ਨੂੰ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਕੋਰੋਨਾ ਸੈਂਪਲ ਲਏ ਗਏ ਸਨ ਜਿਸ ਵਿੱਚ 122 ਵਿਦਿਆਰਥੀਆਂ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਏ ਹਨ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਇੰਨ੍ਹਾਂ ਮਾਮਲਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਇਸਦੇ ਨਾਲ ਹੀ ਹੋਸਟਲ ਨੂੰ ਵੀ ਖਾਲੀ ਕਰਵਾਉਣ ਬਾਰੇ ਕਿਹਾ ਜਾ ਰਿਹਾ ਹੈ।