ਪਟਿਆਲਾ: ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾਂ ਪੰਜਾਬ ਦੀ ਜਨਤਾ ਦੇ ਨਾਲ ਲੁਭਾਵਣੇ ਵਾਅਦੇ ਕੀਤੇ ਗਏ ਸਨ। ਹੁਣ ਸਰਕਾਰ ਦਾ ਤਿੰਨ ਸਾਲਾਂ ਦਾ ਕਾਰਜਕਾਲ ਪੂਰਾ ਹੋਣ ਵਾਲਾ ਹੈ।
ਇਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਵੱਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਅਤੇ ਪੁੱਛਿਆ ਗਿਆ ਕਿ ਕਾਂਗਰਸ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦੇ ਕਿੰਨੇ ਕੁ ਪੂਰੇ ਹੋਏ ਹਨ ਤੇ ਕੀ ਲੋਕ ਕਾਂਗਰਸ ਸਰਕਾਰ ਦੀ ਤਿੰਨ ਸਾਲ ਦੀ ਕਾਰਗੁਰਜ਼ਾਰੀ ਤੋਂ ਸੰਤੁਸ਼ਟ ਹਨ ਜਾਂ ਨਹੀਂ? ਘਰ-ਘਰ ਨੌਕਰੀ ਦੇਣ ਦਾ ਵਾਅਦਾ ਪੂਰਾ ਹੋਇਆ ਜਾਂ ਨਹੀਂ?
ਕੁੱਝ ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਕੁੱਝ ਵਾਅਦੇ ਪੂਰੇ ਕੀਤੇ ਅਤੇ ਕੁੱਝ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਸ਼ਹਿਰ ਵਿੱਚ ਕੁੱਝ ਵਿਕਾਸ ਕਰਵਾਇਆ ਹੈ।
ਬੇਰੁਜ਼ਗਾਰ ਨੌਜਵਾਨਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਵੋਟਾਂ ਇੱਕਠੀਆਂ ਕਰਨ ਲਈ ਵਾਅਦੇ ਕੀਤੇ ਸਨ ਕਿ ਬੇਰੁਜ਼ਗਾਰਾਂ ਨੂੰ ਨੌਕਰੀ ਦਿੱਤੀ ਜਾਵੇਗੀ ਅਤੇ ਨਾਅਰਾ ਦਿੱਤਾ ਗਿਆ ਸੀ ਕਿ ਘਰ-ਘਰ ਨੌਕਰੀ ਦਿੱਤੀ ਜਾਵੇਗੀ। ਸਰਕਾਰ ਵੱਲੋਂ ਕਿਸੇ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ।
ਇਹ ਵੀ ਪੜ੍ਹੋ: ਕੈਪਟਨ ਸਰਕਾਰ ਦੇ ਤਿੰਨ ਸਾਲ, ਫੇਲ੍ਹ ਹੋਏ ਜਾਂ ਪਾਸ - ਭਾਗ 5
ਜਿਹੜੇ ਸਰਕਾਰ ਨੇ ਰੁਜ਼ਗਾਰ ਮੇਲੇ ਲਾਏ ਹਨ ਤਾਂ ਉੱਥੇ ਵੀ ਨੌਜਵਾਨਾਂ ਨੂੰ ਨਾ-ਮਾਤਰ ਤਨਖ਼ਾਹ 'ਤੇ ਰੱਖ ਕੇ ਨੌਜਵਾਨਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਕਾਰਨ ਨੌਜਵਾਨ ਉਨ੍ਹਾਂ ਨੌਕਰੀਆਂ ਨੂੰ ਛੱਡ ਚੁੱਕੇ ਹਨ ਅਤੇ ਸਮਾਰਟ ਫੋਨ ਦੇ ਵਾਅਦੇ ਵੀ ਖੋਖਲੇ ਹਨ।
ਪਟਿਆਲਾ ਦੀ ਕਾਰ ਮਾਰਕਿਟ ਦੇ ਲੋਕਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਨੇ ਸਾਡਾ ਕਾਰੋਬਾਰ ਚੰਗੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ।