ਪਟਿਆਲਾ: ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਮਹਿੰਦਰ ਪਾਲ ਬਿੱਟੂ ਦੇ ਕਤਲ ਨੂੰ ਕੈਪਟਨ ਸਰਕਾਰ ਦੀ ਵੱਡੀ ਨਾਕਾਮੀ ਕਰਾਰ ਦਿੱਤਾ।
ਮਹਿੰਦਰ ਪਾਲ ਬਿੱਟੂ ਦੇ ਕਤਲ ਮਾਮਲੇ 'ਚ ਅਮਨ ਅਰੋੜਾ ਨੇ ਘੇਰੀ ਕੈਪਟਨ ਸਰਕਾਰ
ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਮਹਿੰਦਰ ਪਾਲ ਬਿੱਟੂ ਦੇ ਕਤਲ ਨੂੰ ਕੈਪਟਨ ਸਰਕਾਰ ਦੀ ਵੱਡੀ ਨਾਕਾਮੀ ਦੱਸਿਆ ਤੇ ਕਿਹਾ ਕਿ ਅਕਾਲੀ ਸਰਕਾਰ ਵੇਲੇ ਬੇਅਦਬੀ ਦੀਆਂ ਘਟਨਾਵਾਂ 'ਤੇ ਠੱਲ੍ਹ ਨਹੀਂ ਪੈ ਸਕੀ ਅਤੇ ਹੁਣ ਕੈਪਟਨ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਨਾਕਾਮ ਨਜ਼ਰ ਆ ਰਹੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਬੇਅਦਬੀ ਦੀਆਂ ਘਟਨਾਵਾਂ 'ਤੇ ਠੱਲ੍ਹ ਪਾਉਣ ਵਿੱਚ ਨਾਕਾਮ ਰਿਹਾ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੋਸ਼ੀਆਂ ਨੂੰ ਸਜ਼ਾ ਦਵਾਉਣ ਵਿੱਚ ਨਾਕਾਮ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉੱਚ ਸੁਰੱਖਿਆ ਵਾਲੀ ਜੇਲ੍ਹ ਨਾਭਾ 'ਚ ਇਸ ਤਰ੍ਹਾਂ ਕਿਸੇ ਵੀ ਮੁਲਜ਼ਮ ਦਾ ਕਤਲ ਕਰ ਦਿੱਤਾ ਜਾਣਾ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਸਰਕਾਰ ਕਿੰਨੀ ਸੰਜੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਮੰਤਰੀ ਕਹਿੰਦੇ ਹਨ ਕਿ ਜੇਲ੍ਹਾਂ 'ਚ ਸੁਰੱਖਿਆ ਦੀ ਕਮੀ ਹੈ ਅਤੇ ਕੇਂਦਰ ਸਰਕਾਰ ਪੰਜਾਬ ਦੀ ਮਦਦ ਨਹੀਂ ਕਰ ਰਹੀ। ਉਨ੍ਹਾਂ ਤੰਜ ਕਸਦੇ ਹੋਏ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਕੋਲ ਜੇਲ੍ਹ ਵਿਭਾਗ ਹੈ ਤੇ ਖ਼ੁਦ ਵੱਡੀ ਗਿਣਤੀ ਸੁਰੱਖਿਆ ਮੁਲਾਜ਼ਮ ਉਨ੍ਹਾਂ ਦੀ ਸੁਰੱਖਿਆ 'ਚ ਹੁੰਦੇ ਹਨ।