ਪਟਿਆਲਾ :ਸਿੱਖਿਆ ਸੰਸਥਾਵਾਂ ਦੇ ਕਰਜ਼ੇ ਵਿੱਚ ਡੁੱਬੇ ਹੋਣ ਨੂੰ ਸਮਾਜਕ ਲਾਹਣਤ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਵਿੱਦਿਅਕ ਸੰਸਥਾਵਾਂ ਨੂੰ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਤਾਂ ਕਿ ਸੂਬੇ ਦੇ ਕੋਈ ਵੀ ਬੱਚਾ ਮਿਆਰੀ ਸਿੱਖਿਆ ਹਾਸਲ ਕਰਨ ਦੇ ਮੌਕਿਆਂ ਤੋਂ ਵਾਂਝਾ ਨਾ ਰਹੇ। ਅੱਜ ਇੱਥੇ ਸ੍ਰੀ ਗੁਰੂ ਤੇਗ ਬਹਾਦਰ ਹਾਲ ਵਿਖੇ ਪੰਜਾਬੀ ਯੂਨੀਵਰਸਿਟੀ ਦੇ 62ਵੇਂ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣਾ ਸਰਕਾਰ ਦਾ ਪਹਿਲਾ ਫਰਜ਼ ਹੁੰਦਾ ਹੈ ਤੇ ਸਾਡੀ ਸਰਕਾਰ ਨੂੰ ਇਸ ਗੱਲ ਦੀ ਤਸੱਲੀ ਵੀ ਹੈ ਕਿ ਉਨ੍ਹਾਂ ਦੀ ਸਰਕਾਰ ਵਿੱਦਿਅਕ ਸੰਸਥਾਵਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇ ਕੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।
ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਪ੍ਰਬੰਧ :ਪੰਜਾਬ ਤੇ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਯੋਗਦਾਨ ਪਾ ਰਹੀ ਇਸ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬੀ ਯੂਨੀਵਰਸਿਟੀ ਪੰਜਾਬ ਤੇ ਪੰਜਾਬੀ ਮਾਂ ਬੋਲੀ ਦਾ ਗੌਰਵ ਹੈ। ਇਸ ਯੂਨੀਵਰਸਿਟੀ ਨੂੰ ਮਾਲਵੇ ਦਾ ਦਿਲ ਵੀ ਕਿਹਾ ਜਾਂਦਾ ਹੈ। "ਇਸ ਸਾਲ ਦੇ ਬਜਟ ਵਿਚ ਸੂਬਾ ਸਰਕਾਰ ਨੇ ਯੂਨੀਵਰਸਿਟੀ ਨੂੰ ਹਰੇਕ ਮਹੀਨੇ 30 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ ਵਿਵਸਥਾ ਕਰ ਦਿੱਤੀ ਹੈ। ਮੈਨੂੰ ਪੂਰੀ ਉਮੀਦ ਹੈ ਕਿ ਇਹ ਯੂਨੀਵਰਸਿਟੀ ਹੁਣ ਵਿੱਤੀ ਤੰਗੀਆਂ-ਤੁਰਸ਼ੀਆਂ ਤੋਂ ਮੁਕਤ ਹੋ ਕੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਹਾਸਲ ਕਰੇਗੀ।"
ਪੰਜਾਬੀ ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ :ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਸੂਬੇ ਦੇ ਖਾਸ ਕਰਕ ਪੇਂਡੂ ਇਲਾਕੇ ਦੇ ਨੌਜਵਾਨਾਂ ਲਈ ਰੋਲ ਮਾਡਲ ਵਜੋਂ ਭੂਮਿਕਾ ਅਦਾ ਕਰ ਰਹੀ ਹੈ, ਜੋ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਵਿਚ ਮਾਰਗਦਰਸ਼ਨ ਕਰਦੀ ਹੈ। ਇਹ ਯੂਨੀਵਰਸਿਟੀ ਨੌਜਵਾਨਾਂ ਨੂੰ ਤਾਲੀਮ ਦੇਣ ਦੇ ਨਾਲ-ਨਾਲ ਹੋਰ ਗਤੀਵਿਧੀਆਂ ਲਈ ਵੀ ਉਤਸ਼ਾਹਿਤ ਕਰ ਰਹੀ ਹੈ। ਯੂਨੀਵਰਸਿਟੀ ਨਾਲ ਜੁੜੀਆਂ ਯਾਦਾਂ ਨੂੰ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਜੀਵਨ 'ਚ ਨਵੀਂ ਸੋਚ ਤੇ ਨਵੇਂ ਰਾਹ ਉਲੀਕਣ ਲਈ ਪ੍ਰੇਰਿਆ। ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਕਲਾਸ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦੀ ਇਸ ਪ੍ਰਾਪਤੀ ਦਾ ਵੀ ਜ਼ਿਕਰ ਕੀਤਾ।