ਪਟਿਆਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਨਾਭਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ "ਪਗੜੀ ਸੰਭਾਲ ਜੱਟਾ" ਸ਼ਹੀਦ ਅਜੀਤ ਸਿੰਘ ਦੇ ਜਨਮ ਦਿਹਾੜੇ ਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਮਹਿੰਗਾਈ ਨੂੰ ਲੈ ਕੇ ਬਲਾਕ ਪ੍ਰਧਾਨ ਜਗਪਾਲ ਸਿੰਘ ਦੀ ਅਗਵਾਈ ਵਿੱਚ ਸਾਈਕਲ ਰੈਲੀ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਕੱਢਿਆ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਜਗਪਾਲ ਸਿੰਘ, ਐਡਵੋਕੇਟ ਬਲਜਿੰਦਰ ਸਿੰਘ ਅਤੇ ਕਿਸਾਨ ਆਗੂ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੋਧ 'ਚ ਗੁੱਸਾ ਜਾਹਰ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਲੇ ਖੇਤੀ ਕਾਨੂੰਨਾਂ ਅਤੇ ਪੈਟਰੋਲ ਅਤੇ ਡੀਜ਼ਲ ਦੀ ਵਧਦੀ ਮਹਿੰਗਾਈ ਦੇ ਭਾਅ ਵਿੱਚ ਕਟੌਤੀ ਨਹੀਂ ਕਰਦੀ, ਉਦੋਂ ਤੱਕ ਇਹ ਰੋਸ ਪ੍ਰਦਰਸ਼ਨ ਜਾਰੀ ਰਹੇਗਾ।