ਨਾਭਾ: ਬਰਗਾੜੀ ਬੇਅਦਬੀ ਮਾਮਲੇ 'ਚ ਨਾਭਾ ਜੇਲ੍ਹ ਵਿੱਚ ਕੈਦ ਡੇਰਾ ਸਿਰਸਾ ਪ੍ਰੇਮੀ ਦਾ ਕਤਲ ਕਰ ਦਿੱਤਾ ਗਿਆ ਹੈ। ਨਾਭਾ ਜੇਲ੍ਹ 'ਚ ਹੀ ਬੰਦ 2 ਕੈਦੀਆਂ 'ਤੇ ਉਸ ਦੇ ਕਤਲ ਦਾ ਇਲਜ਼ਾਮ ਹੈ।
ਮ੍ਰਿਤਕ ਦੀ ਪਛਾਣ ਮਹਿੰਦਰ ਪਾਲ ਸਿੰਘ ਬਿੱਟੂ ਵੱਜੋਂ ਹੋਈ ਹੈ ਅਤੇ ਉਹ ਜੇਲ੍ਹ 'ਚ ਬੇਅਦਬੀ ਦੇ ਮਾਮਲੇ 'ਚ ਬੰਦ ਸੀ। ਕੈਦੀਆਂ ਨੇ ਉਸ 'ਤੇ ਲੋਹੇ ਦੀ ਰਾਡ ਨਾਲ ਹਮਲਾ ਕੀਤਾ ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਬਿੱਟੂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਹਿੰਦਰ ਪਾਲ ਸਿੰਘ ਬਿੱਟੂ ਦੇ ਕਤਲ ਮਾਮਲੇ 'ਚ ਤਿੰਨ ਦਿਨਾਂ ਦੇ ਅੰਦਰ-ਅੰਦਰ ਰਿਪੋਰਟ ਮੰਗੀ ਹੈ ਅਤੇ ਸ਼ਾਂਤੀ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਮ੍ਰਿਤਕ ਮਹਿੰਦਰ ਪਾਲ ਸਿੰਘ ਬਿੱਟੂ ਦੇ ਘਰ ਦੀ ਅਤੇ ਕੋਟਕਪੁਰਾ 'ਚ ਸਥਿਤ ਡੇਰੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਦੇਰ ਰਾਤ ਜੇਲ੍ਹ ਅੰਦਰ ਹਾਲਾਤ ਦਾ ਜਾਇਜਾ ਲੈਣ ਤੋਂ ਬਾਅਦ ਆਈ.ਜੀ. ਏ.ਐਸ. ਰਾਏ ਨੇ ਕਿਹਾ ਕਿ ਇਸ ਮਾਮਲੇ 'ਚ ਪੁਲਿਸ ਨੇ ਪਰਚਾ ਦਰਜ ਕਰ ਲਿਆ ਹੈ, ਜਦਕਿ ਜ਼ਿੰਮੇਵਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਜਿੰਮੇਵਾਰ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਏ.ਐਸ. ਰਾਏ ਨੇ ਆਮ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਵੀ ਕੀਤੀ ਹੈ।