ਪਟਿਆਲਾ : ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਹਿਲਾ ਮਿੱਤਰ ਅਰੂਸਾ ਅਲਾਮ ਬਾਰੇ ਕੀਤੀ ਗਈ ਟਿੱਪਣੀ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਕਾਫ਼ੀ ਹਲਚਲ ਪੈਦਾ ਕੀਤੀ ਹੋਈ ਹੈ। ਸਾਬਕਾ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਉਹ ਕਿਸੇ ਦੀ ਨਿੱਜੀ ਜ਼ਿੰਦਗੀ ਬਾਰੇ ਕੋਈ ਟਿੱਪਣੀ ਨਹੀਂ ਕਰਨਗੇ ਪਰ ਜੇਕਰ ਭਗਵੰਤ ਮਾਨ ਹੁਰਾਂ ਕੋਈ ਸ਼ੰਕਾ ਲੱਗਦਾ ਹੈ, ਤਾਂ ਉਹ ਇਸ ਦੀ ਕਾਨੂੰਨ ਮੁਤਾਬਕ ਪੜਤਾਲ ਕਰਵਾਉਣ।
ਡਾ. ਗਾਂਧੀ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਨੂੰ ਲੱਗ ਰਿਹਾ ਹੈ ਕਿ ਅਰੂਸਾ ਆਲਮ ਨੂੰ ਵਿਸ਼ੇਸ਼ ਸਹੂਲਤਾਂ ਨਾਲ ਭਾਰਤ ਵਿੱਚ ਰੱਖਿਆ ਜਾ ਰਿਹਾ ਹੈ, ਤਾਂ ਇਸ ਬਾਰੇ ਜਾਂਚ ਕਰਵਾਉਣ ਲਈ ਉਹ ਆਰ.ਟੀ.ਆਈ ਕਾਨੂੰਨ ਦਾ ਸਹਾਰਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਮੁੱਦਿਆਂ ਦੀ ਸਿਆਸਤ 'ਤੇ ਗੱਲ ਕਰਨ 'ਚ ਹੀ ਯਕੀਨ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪਾਕਿਸਤਾਨ ਪ੍ਰਤੀ ਅਪਣਾਈ ਜਾ ਰਹੀ ਪਹੁੰਚ ਪੰਜਾਬ ਦੇ ਹਿੱਤਾਂ ਵਿੱਚ ਨਹੀਂ ਹੈ।