ਪਟਿਆਲਾ: ਪੰਜਾਬ ਸਰਕਾਰ ਵੱਲੋਂ ਨਵ-ਗਠਿਤ ਇਨਫ਼ੋਰਸਮੈਂਟ ਡਾਇਰੈਕਟੋਰੇਟ ਮਾਈਨਿੰਗ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਜ਼ਿਲ੍ਹੇ ਵਿੱਚ ਰੇਤ ਦੀ ਗ਼ੈਰ ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ।
ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਦੀਆਂ ਘਟਨਾਵਾਂ ਨੂੰ ਕਰੜੇ ਹੱਥੀਂ ਨਜਿੱਠਣ ਬਾਰੇ ਦੁਹਰਾਉਂਦਿਆਂ ਆਰਐਨ ਢੋਕੇ, ਇਨਫ਼ੋਰਸਮੈਂਟ ਡਾਇਰੈਕਟਰ,ਨੇ ਦੱਸਿਆ ਕਿ ਹਾਲ ਹੀ ਵਿੱਚ ਪਟਿਆਲਾ ਪੁਲਿਸ ਅਤੇ ਮਾਈਨਿੰਗ ਅਧਿਕਾਰੀਆਂ ਨੇ ਪਿੰਡ ਚਲੇਲਾ ਵਿੱਚ ਨਜਾਇਜ਼ ਮਾਈਨਿੰਗ ਵਾਲੀ ਥਾਂ ’ਤੇ ਛਾਪਾ ਮਾਰ ਕੇ ਇੱਕ ਜੇਸੀਬੀ ਤੇ ਹੋਰ ਮਸ਼ੀਨਰੀ ਨੂੰ ਕਬਜ਼ੇ ਵਿੱਚ ਲਿਆ ਹੈ। ਉਨ੍ਹਾਂ ਦੱਸਿਆ ਕਿ ਥਾਣਾ ਅਨਾਜ ਮੰਡੀ, ਪਟਿਆਲਾ ਵਿਖੇ ਆਈ.ਪੀ.ਸੀ. ਦੀ ਧਾਰਾ 379 ਅਤੇ ਮਾਈਨਜ਼ ਐਂਡ ਮਿਨਰਲਜ਼ (ਡਿਵੈਲਪਮੈਂਟ ਐਂਡ ਰੈਗੂਲੇਸ਼ਨ) ਐਕਟ, 1957 ਦੀ ਧਾਰਾ 4 (1), 21 (1) ਤਹਿਤ ਮਿਤੀ 15.4.2021 ਨੂੰ ਐਫ.ਆਈ.ਆਰ. ਨੰ. 74 ਤਹਿਤ ਅਪਰਾਧਕ ਕੇਸ ਦਰਜ ਕੀਤਾ ਗਿਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸਐਸਪੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਨਾਮਜ਼ਦ ਮੁੱਖ ਮੁਲਜ਼ਮਾਂ ਵਿੱਚੋਂ ਇੱਕ ਓਮ ਪ੍ਰਕਾਸ਼ ਉਰਫ਼ ਉਮੀ ਪੁੱਤਰ ਗੋਰਾ ਲਾਲ ਵਾਸੀ ਪਟਿਆਲਾ ਹਾਲੇ ਫ਼ਰਾਰ ਹੈ ਜਦਕਿ ਉਸ ਦੇ ਨੇੜਲੇ ਸਾਥੀ ਗੁਰਸੇਵਕ ਸਿੰਘ ਪੁੱਤਰ ਰੂਪ ਸਿੰਘ ਵਾਸੀ ਪਿੰਡ ਸਿਉਣਾ ਜ਼ਿਲ੍ਹਾ ਪਟਿਆਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਜਾਂਚ ਟੀਮ ਗ਼ੈਰ ਕਾਨੂੰਨੀ ਮਾਈਨਿੰਗ ਨਾਲ ਜੁੜੇ ਹਰ ਵਿਅਕਤੀ ਨੂੰ ਛੇਤੀ ਕਾਬੂ ਕਰ ਕਰਕੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਅਗਲੇਰੀ ਲੋੜੀਂਦੀ ਕਾਰਵਾਈ ਕਰੇਗੀ।