ਪਟਿਆਲਾ: ਸੂਬੇ ਦੇ ਵਿੱਚ ਲੁੱਟ-ਖੋਹ, ਚੋਰੀ ਅਤੇ ਠੱਗੀਆਂ ਮਾਰ ਦੀਆਂ ਘਟਨਾਵਾਂ ਦਿਨ-ਬ-ਦਿਨ ਵਧ ਰਹੀਆਂ ਹਨ। ਅਜਿਹਾ ਹੀ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਨਕਲੀ ਪੁਲਿਸ ਮੁਲਾਜ਼ਮ ਬਣ ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਨੌਸਰਬਾਜ ਪੁਲਿਸ ਨੇ ਗ੍ਰਿਫਤਾਰ (Arrested) ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮ ਤੋਂ ਨਕਲੀ ਚੈੱਕ ਅਤੇ ਸੋਨੇ ਦੀ ਚੈਨ ਮਿਲੀ ਹੈ। ਮੁਲਜ਼ਮ ਦੇ ਸ਼ਿਕਾਰ ਬਣੇ ਸੁਨਿਆਰੇ ਵੱਲੋਂ ਮੁਲਜ਼ਮ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਮੁਲਜ਼ਮ ਆਪਣੇ ਆਪ ਨੂੰ ਥਾਣੇਦਾਰ ਦੱਸ ਲੋਕਾਂ ਨਾਲ ਠੱਗੀ ਮਾਰਦਾ ਸੀ। ਫਿਲਹਾਲ ਪੁਲਿਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਪਟਿਆਲਾ ਪੁਲਿਸ ਦੇ ਡੀ ਐਸ ਪੀ ਸਿਟੀ ਹਿੰਮਤ ਸ਼ਰਮਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਸ਼ਖ਼ਸ ਤੋਂ ਸੋਨੇ ਦੀ ਚੈਨ ਅਤੇ ਨਕਲੀ ਚੈੱਕ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪੁਲਿਸ ਵਰਦੀ ਪਾ ਕੇ ਲੋਕਾਂ ਨਾਲ ਠੱਗੀਆਂ ਮਾਰਦਾ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ (Inquiry) ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਨੇ ਪਹਿਲਾਂ ਹੋਰ ਕਿੰਨੇ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਹੈ।