ਪਟਿਆਲਾ: ਸ਼ਹਿਰ ਦੀ ਸਬਜੀ ਮੰਡੀ ਵਿੱਚ ਰੇਹੜੀ ਵਾਲ਼ਿਆਂ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਲਾਏ ਗਏ ਨਿਯਮਾਂ ਨੂੰ ਦਰਕਿਨਾਰ ਕਰ ਕੇ ਸੜਕਾਂ 'ਤੇ ਫਲ ਅਤੇ ਸਬਜ਼ੀਆਂ ਸੁੱਟ ਕੇ ਸਥਾਨਕ ਪ੍ਰਸ਼ਾਸ਼ਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ।
ਪਟਿਆਲਾ: ਰੇਹੜੀ ਵਾਲ਼ਿਆਂ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਦਿੱਤੀ ਆਤਮਦਾਹ ਦੀ ਚੇਤਾਵਨੀ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਉਨ੍ਹਾਂ ਦਾ ਰੁਜ਼ਗਾਰ ਤਾਂ ਪਹਿਲਾਂ ਹੀ ਤਬਾਹ ਹੋ ਚੁੱਕਿਆ ਹੈ, ਉਹ ਬੜੀ ਮੁਸ਼ਕਲ ਨਾਲ ਗੁਜ਼ਾਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਕੋਲ ਪੁਲਿਸ ਅਧਿਕਾਰੀ ਆਏ ਅਤੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣਾ ਅੱਡਾ ਇੱਥੋਂ ਪੱਟ ਕੇ ਕਿਸੇ ਹੋਰ ਜਗ੍ਹਾ 'ਤੇ ਲੈ ਜਾਣ।
ਰੇਹੜੀ ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸਕੰਟ ਦੀ ਘੜੀ ਵਿੱਚ ਉਨ੍ਹਾਂ ਨੂੰ ਵੱਧ ਤੋ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਕਾਰੋਬਾਰ ਨਾ ਉਜਾੜਿਆ ਜਾਵੇ। ਇਸ ਦੌਰਾਨ ਪ੍ਰਦਸ਼ਨਕਾਰੀਆਂ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸਾਰੇ ਖ਼ੁਦਕੁਸ਼ੀ ਕਰਨ ਨੂੰ ਮਜਬੂਰ ਹੋ ਜਾਣਗੇ।
ਦੂਜੇ ਪਾਸੇ ਜਦੋਂ ਪ੍ਰਸ਼ਾਸਨਿਕ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਆਪਣਾ ਨਾਂਅ ਨਾ ਨਸ਼ਰ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਸ਼ਹਿਰ ਵਿੱਚ ਰੇਹੜੀ ਵਾਲ਼ਿਆਂ ਦੀ ਗਿਣਤੀ ਬਹੁਤ ਵਧ ਗਈ ਹੈ ਜਿਸ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਇਹ ਕਦਮ ਚੁੱਕਿਆ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਫਿਲਹਾਲ ਪ੍ਰਦਰਸ਼ਨਕਾਰੀਆਂ ਨਾਲ ਗੱਲ ਕਰ ਕੇ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।