ਪਟਿਆਲਾ: ਪੰਜਾਬ ਪੁਲਿਸ ਵਲੋਂ ਨਸ਼ਿਆਂ ਨੂੰ ਲੈਕੇ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਪੁਲਿਸ ਵਲੋਂ ਆਬਕਾਰੀ ਵਿਭਾਗ ਦੀ ਮਦਦ ਨਾਲ ਪਟਿਆਲਾ 'ਚ ਵੱਡੀ ਕਾਰਵਾਈ ਕੀਤੀ ਗਈ ਹੈ। ਆਬਕਾਰੀ ਵਿਭਾਗ ਅਤੇ ਪੰਜਾਬ ਪੁਲਿਸ ਵਲੋਂ ਪਟਿਆਲਾ 'ਚ ਭਾਰੀ ਮਾਤਰਾ 'ਚ ਨਜਾਇਜ਼ ਸ਼ਰਾਬ ਬਣਾਉਣ ਵਾਲਾ ਪਦਾਰਥ ਬਰਾਮਦ ਕੀਤਾ ਹੈ।
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ.) ਦੇ ਨਜਾਇਜ਼ ਧੰਦੇ ਵਿਰੁੱਧ ਰਾਜ ਵਿਆਪੀ ਮੁਹਿੰਮ ਸ਼ੁਰੂ ਕਰਨ ਲਈ ਜਾਰੀ ਕੀਤੀਆਂ ਹਦਾਇਤਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦੇ ਹੋਏ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ ਐਕਸਟਰਾ ਨਿਊਟ੍ਰਲ ਅਲਕੋਹਲ (ਈ.ਐਨ.ਏ) ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਗਿਰੋਹ ਤੋਂ 35000 ਲੀਟਰ ਈਐਨਏ ਭਰਿਆ ਇੱਕ ਟੈਂਕਰ ਜ਼ਬਤ ਕੀਤਾ ਗਿਆ।
ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪ੍ਰਾਪਤੀ ਉਪਰੰਤ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਮਾਮਲੇ ਨਾਲ ਸਬੰਧਤ ਸਾਰੀਆਂ ਕੜੀਆਂ ਦੀ ਡੂੰਘਾਈ ਨਾਲ ਜਾਂਚ ਕਰਨ ਤਾਂ ਜੋ ਈਐਨਏ ਦੇ ਸਪਲਾਇਰਾਂ ਅਤੇ ਪ੍ਰਾਪਤਕਰਤਾਵਾਂ ਦਾ ਮੁਕੰਮਲ ਪਰਦਾਫਾਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਰਾਬ ਦੀ ਤਸਕਰੀ ਜਾਂ ਆਬਕਾਰੀ ਨਾਲ ਸਬੰਧਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗ ਦੀ ਬੀਤੇ ਮੰਗਲਵਾਰ ਨੂੰ ਹੋਈ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਪਟਿਆਲਾ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐਸ.ਓ.ਜੀ.) ਦੀਆਂ ਸਾਂਝੀਆਂ ਟੀਮਾਂ ਦਾ ਗਠਨ ਕਰਕੇ 24 ਘੰਟੇ ਨਿਗਰਾਨੀ ਨੂੰ ਯਕੀਨੀ ਬਣਾਇਆ ਗਿਆ ਸੀ। ਇਨ੍ਹਾਂ ਟੀਮਾਂ ਨੇ ਬੀਤੇ ਦਿਨ ਇਹ ਸੂਚਨਾ ਮਿਲਣ ‘ਤੇ ਕਿ ਇੱਕ ਸੰਗਠਿਤ ਗਿਰੋਹ ਈ.ਐਨ.ਏ ਦੀ ਗੈਰ-ਕਾਨੂੰਨੀ ਵਿਕਰੀ ਅਤੇ ਤਸਕਰੀ ਵਿੱਚ ਸ਼ਾਮਲ ਹੈ, ਤੇ ਕਾਰਵਾਈ ਕਰਦਿਆਂ ਲਗਭਗ 35000 ਲੀਟਰ ਈਐਨਏ ਜਿਸ ਦੀ ਕੀਮਤ ਲਗਭਗ 3.5 ਕਰੋੜ ਰੁਪਏ ਬਣਦੀ ਹੈ, ਲੈ ਕੇ ਜਾ ਰਹੇ ਇੱਕ ਟੈਂਕਰ ਨੂੰ ਜ਼ਬਤ ਕੀਤਾ।