ਨਾਭਾ/ਪਟਿਆਲਾ: ਖੇਤੀ ਕਾਨੂੰਨਾਂ ਖ਼ਿਲਾਫ਼ ਦਿਨੋਂ ਦਿਨ ਕਿਸਾਨਾਂ ਦਾ ਰੋਸ ਵਧਦਾ ਹੀ ਜਾ ਰਿਹਾ ਹੈ। ਇਕ ਪਾਸੇ ਜਿੱਥੇ ਕਿਸਾਨ ਦਿੱਲੀ ’ਚ ਆਰ-ਪਾਰ ਦੀ ਲੜਾਈ ਲੜ ਰਹੇ ਹਨ ਉੱਥੇ ਹੀ ਪੰਜਾਬ ਦੇ ਵਿੱਚ ਵੀ ਕੇਂਦਰ ਸਰਕਾਰ ਖ਼ਿਲਾਫ਼ ਦਿਨੋਂ ਦਿਨ ਰੋਸ ਵਧਦਾ ਹੀ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਕਿਸਾਨ ਆਗੂਆਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦਾ ਪੁਤਲਾ ਫੂਕਿਆ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਰਮਜੀਤ ਸਹੌਲੀ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਜੰਗ ਜਿੱਤ ਕੇ ਹੀ ਘਰ ਪਰਤਣਗੇ।
ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੇਸ਼ ਨੂੰ ਬਰਬਾਦ ਕਰਨ ’ਚ ਲੱਗੇ ਹੋਏ ਹਨ: ਸਹੌਲੀ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਮੀਟਿੰਗ ਕਿਸਾਨਾਂ ਨਾਲ ਕੀਤੀ ਜਾ ਰਹੀ ਹੈ ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਹੀ ਨਿੱਕਲ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਇਹ ਦੇਸ਼ ਨੂੰ ਬਰਬਾਦ ਕਰਨ ਤੇ ਲੱਗੇ ਹੋਏ ਹਨ ਪਰ ਦੂਜੇ ਪਾਸੇ ਕਿਸਾਨ ਵੀ ਇਨ੍ਹਾਂ ਦੀਆਂ ਲੂੰਬੜ ਚਾਲਾਂ ਤੋਂ ਜਾਣੂ ਹੋ ਚੁੱਕੇ ਹਨ।