ਨਾਭਾ: ਪੰਜਾਬ ਵਿੱਚ ਦਿਨੋਂ-ਦਿਨ ਵਧ ਰਹੀ ਆਪਸੀ ਰੰਜਿਸ਼ ਦੇ ਚਲਦਿਆਂ ਕੁੱਟਮਾਰ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਨਾਭਾ ਬਲਾਕ ਦੇ ਪਿੰਡ ਦੁਲੱਦੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਗੂੰਗੇ ਬਹਿਰੇ ਵਿਅਕਤੀ ਦੀ ਉਸ ਦੇ ਗੁਆਂਢੀਆਂ ਵੱਲੋਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਪੀੜਤ ਗੁਰਚਰਨ ਸਿੰਘ ਨੂੰ ਨਾਭਾ ਦੇ ਸਿਵਲ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਅਤੇ ਦੂਜੇ ਪਾਸੇ ਨਾਭਾ ਸਦਰ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖ ਰਹੀ ਹੈ। ਜਾਣਕਾਰੀ ਮੁਤਾਬਕ ਆਪਸੀ ਰੰਜਿਸ਼ ਦੇ ਚੱਲਦਿਆਂ ਗੁਆਂਢੀਆਂ ਨੇ ਗੁਰਚਰਨ ਸਿੰਘ ਜੋ ਕਿ ਸੁਣਨ ਅਤੇ ਬੋਲਣ ਤੋਂ ਅਸਮਰੱਥ ਹੈ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਲ 5 ਤੋਂ 6 ਵਿਅਕਤੀਆਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪਰ ਉਥੋਂ ਲੰਘ ਰਹੇ ਕਿਸੇ ਵੀ ਵਿਅਕਤੀ ਨੇ ਇਸ ਲੜਾਈ ਨੂੰ ਰੋਕਣ ਦੀ ਹਿੰਮਤ ਨਹੀਂ ਕੀਤੀ। ਇਸ ਵੀਡੀਓ ਵਿੱਚ ਤੁਸੀਂ ਸਾਫ਼ ਦੇਖ ਸਕਦੇ ਹੋ ਕੁਝ ਵਿਅਕਤੀ ਬਿਨਾਂ ਕਿਸੇ ਡਰ ਭੈਅ ਤੋਂ ਗੁਰਚਰਨ ਸਿੰਘ ਦੀ ਕੁੱਟਮਾਰ ਕਰ ਰਹੇ ਹਨ।