ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਸਾਰੀ ਦੁਨੀਆ ਲਈ ਇੱਕ ਬਹੁਤ ਵੱਡਾ ਖ਼ਤਰਾ ਬਣੀ ਹੋਈ ਹੈ। ਇਸ ਤੋਂ ਬਚਣ ਲਈ ਜਿੱਥੇ ਦੁਨੀਆ ਭਰ ਦੇ ਕਈ ਮੁਲਕਾਂ ਵਿੱਚ ਲੌਕਡਾਊਨ ਕਰਕੇ ਲੋਕਾਂ ਨੂੰ ਘਰਾਂ ਅੰਦਰ ਰਹਿਣ ਲਈ ਕਿਹਾ ਗਿਆ ਹੈ, ਉੱਥੇ ਹੀ ਕੁਝ ਲੋਕ ਆਪਣੀ ਸਿਹਤ ਦੀ ਪਰਵਾਹ ਕੀਤੇ ਬਿਨਾਂ ਸਮਾਜ ਦੀ ਸੇਵਾ ਕਰ ਰਹੇ ਹਨ। ਜਿਸ ਦੀ ਲੋਕ ਭਰਪੂਰ ਸ਼ਲਾਘਾ ਕਰ ਰਹੇ ਹਨ।
ਕੁਝ ਇਸ ਤਰ੍ਹਾਂ ਦਾ ਮਾਮਲਾ ਵੇਖਣ ਨੂੰ ਮਿਲਿਆ ਜ਼ਿਲ੍ਹਾ ਪਟਿਆਲਾ ਦੇ ਸ਼ਹਿਰ ਨਾਭਾ ਵਿਖੇ ਜਿੱਥੇ ਆਮ ਲੋਕ ਸਫ਼ਾਈ ਕਰਮਚਾਰੀਆਂ ਨੂੰ ਬੇਹੱਦ ਪਿਆਰ ਦਿੰਦੇ ਨਜ਼ਰ ਆਏ। ਇਸ ਦੀ ਵੀਡੀਓ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।
ਕੈਪਟਨ ਨੇ ਵੀਡੀਓ ਸ਼ੇਅਰ ਕਰਦਿਆਂ ਲਿਖਿਆ, "ਨਾਭਾ ਦੇ ਲੋਕਾਂ ਦਾ ਸਫ਼ਾਈ ਕਰਮਚਾਰੀਆਂ ਪ੍ਰਤੀ ਪਿਆਰ ਤੇ ਸਤਿਕਾਰ ਦੇਖ ਕੇ ਖੁਸ਼ੀ ਹੋਈ ਤੇ ਇਸ ਔਖੇ ਸਮੇਂ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਜੋ ਸਾਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ ਉਸ ਲਈ ਮੈਂ ਉਨ੍ਹਾਂ ਨੂੰ ਸਲਾਮ ਕਰਦਾ ਹਾਂ। ਕੋਰੋਨਾ ਵਾਇਰਸ ਦਾ ਡੱਟ ਕੇ ਸਾਹਮਣਾ ਕਰ ਰਹੇ ਅਜਿਹੇ ਯੋਧਿਆਂ ਨੂੰ ਹਰ ਤਰ੍ਹਾਂ ਦਾ ਸਨਮਾਨ ਮਿਲਣਾ ਚਾਹੀਦਾ ਹੈ।"
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਨੇ ਕੋਵਿਡ-19 ਨਾਲ ਫਰੰਟਲਾਈਨ ‘ਤੇ ਲੜ ਰਹੇ ਯੋਧਿਆਂ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਸੀ ਤੇ ਜ਼ਮੀਨੀ ਪੱਧਰ ‘ਤੇ ਕੀਤੇ ਪ੍ਰਬੰਧਾਂ ਬਾਰੇ ਫੀਡਬੈਕ ਲਈ। ਕੈਪਟਨ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਇਹ ਲੋਕ ਸਰਕਾਰ ਨੂੰ ਆਪਣਾ ਸਹਿਯੋਗ ਦੇ ਰਹੇ ਹਨ। ਕੈਪਟਨ ਨੇ ਫ਼ਰੰਟਲਾਈਨ 'ਤੇ ਕੰਮ ਕਰਨ ਵਾਲੇ ਇਨ੍ਹਾਂ ਕਰਮਚਾਰੀਆਂ ਦਾ ਹੌਸਲਾ ਵਧਾਉਂਦਿਆਂ ਵੀਡੀਓ ਵੀ ਸ਼ੇਅਰ ਕੀਤੀ ਸੀ।