ਪਟਿਆਲਾ: ਇੱਥੋਂ ਦੀ ਲੋਕ ਸਭਾ ਮੈਂਬਰ ਪਰਨੀਤ ਕੌਰ ਨੇ ਗਲਵਾਨ ਘਾਟੀ ਵਿਖੇ ਲੰਘੇ ਵਰ੍ਹੇ ਜੂਨ ਮਹੀਨੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਸੀਲ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਦੀ ਪਤਨੀ ਗੁਰਦੀਪ ਕੌਰ ਨੂੰ ਅੱਜ ਉਨ੍ਹਾਂ ਦੇ ਘਰ ਜਾ ਕੇ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।
ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ'
ਪਰਨੀਤ ਕੌਰ ਨੇ ਕਿਹਾ ਕਿ ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦਾਂ 'ਤੇ ਪੂਰੇ ਦੇਸ਼ ਨੂੰ ਮਾਣ ਹੈ ਤੇ ਪਟਿਆਲਾ ਜ਼ਿਲ੍ਹੇ ਦੇ ਇਸ ਮਹਾਨ ਸਪੂਤ, ਸ਼ਹੀਦ ਮਨਦੀਪ ਸਿੰਘ ਨੇ ਆਪਣਾ ਬਲੀਦਾਨ ਦੇ ਕੇ ਪਿੰਡ ਸੀਲ ਦਾ ਹੀ ਨਹੀਂ ਬਲਕਿ ਪੰਜਾਬ ਦਾ ਵੀ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਾਦਰਗੜ੍ਹ ਤੋਂ ਘਨੌਰ ਸੜਕ ਦਾ ਨਾਮ 'ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ' ਰੱਖ ਕੇ ਉਸ ਦੀ ਕੁਰਬਾਨੀ ਦੀ ਯਾਦ ਨੂੰ ਸਦੀਵੀ ਬਣਾਇਆ ਸੀ ਅਤੇ ਹੁਣ ਉਨ੍ਹਾਂ ਦੀ ਪਤਨੀ ਨੂੰ ਸਹਿਕਾਰਤਾ ਮਹਿਕਮੇ 'ਚ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਦੀ ਨੌਕਰੀ ਪ੍ਰਦਾਨ ਕੀਤੀ ਗਈ ਹੈ।
ਫ਼ੌਜੀ ਹੋਣ ਦੇ ਨਾਤੇ ਫ਼ੌਜੀਆਂ ਦਾ ਦੁੱਖ-ਦਰਦ ਸਮਝਦੇ ਹਨ ਕੈਪਟਨ
ਪਰਨੀਤ ਕੌਰ ਨੇ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨ ਵਾਲੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ 'ਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ, ਪਰੰਤੂ ਮੁੱਖ ਮੰਤਰੀ, ਜੋ ਕਿ ਖ਼ੁਦ ਭਾਰਤੀ ਫ਼ੌਜ ਦਾ ਹਿੱਸਾ ਰਹੇ ਹੋਣ ਕਰਕੇ ਫ਼ੌਜੀਆਂ ਦਾ ਦੁੱਖ-ਦਰਦ ਸਮਝਦੇ ਹਨ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹਿਲਾਂ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਨੂੰ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤਾ ਸੀ।
ਉਨ੍ਹਾਂ ਨੇ ਭਰੋਸਾ ਦਿੱਤਾ ਕਿ ਭਵਿੱਖ 'ਚ ਵੀ ਉਹ ਅਤੇ ਮੁੱਖ ਮੰਤਰੀ, ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਦੇ ਹਰ ਦੁੱਖ-ਸੁੱਖ 'ਚ ਪਰਿਵਾਰ ਦੇ ਨਾਲ ਖੜ੍ਹਨਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ ਨਾਲ ਖ਼ੁਦ ਗੱਲ ਕਰਕੇ ਪਰਿਵਾਰ ਦੇ ਨਾਲ ਹੋਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਉਮੀਦ ਜਤਾਈ ਕਿ ਸ਼ਹੀਦ ਦਾ ਬੇਟਾ ਆਪਣੇ ਪਿਤਾ ਦੇ ਨਕਸ਼ੇ ਕਦਮਾਂ 'ਤੇ ਚੱਲੇਗਾ, ਕਿਊਂਕਿ ਸ਼ਹੀਦ ਮਨਦੀਪ ਸਿੰਘ ਨੇ ਆਪਣੇ ਸਿਰ 'ਚ ਸੱਟ ਲੱਗਣ ਦੇ ਬਾਵਜੂਦ 23 ਜਵਾਨਾਂ ਦੀ ਜਾਨ ਬਚਾਈ ਸੀ।