ਨਾਭਾ: ਪੰਜਾਬ 'ਚ ਹੜ੍ਹ ਨਾਲ ਹੋਏ ਮਾੜੇ ਹਾਲਾਤਾਂ ਤੋਂ ਬਾਅਦ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹੈ। ਮੰਤਰੀ ਆਪ ਵੀ ਸਰਕਾਰੀ ਦਫ਼ਤਰਾਂ 'ਚੋਂ ਨਿਕਲ ਕੇ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ 'ਚ ਹੜ੍ਹ ਪ੍ਰਭਾਵਤ ਇਲਾਕਿਆਂ ਦਾ ਜਾਇਜ਼ਾ ਲਿਆ।
ਧਰਮਸੋਤ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ, ਛੇਤੀ ਮੁਆਵਜ਼ਾ ਦੇਣ ਦਾ ਦਿੱਤਾ ਭਰੋਸਾ - flood in nabha
ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਨਾਭਾ 'ਚ ਹੜ੍ਹ ਪ੍ਰਭਾਵਤ ਕਈ ਪਿੰਡਾਂ ਦਾ ਦੌਰਾ ਕੀਤਾ ਤੇ ਕਿਸਾਨਾਂ ਨੂੰ ਤਬਾਹ ਹੋਈਆਂ ਫ਼ਸਲਾਂ ਲਈ ਛੇਤੀ ਮੁਆਵਜ਼ਾ ਜਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ।
ਦਰਅਸਲ, ਪਿਛਲੇ ਦੋ ਦਿਨ ਤੋਂ ਲਗਾਤਾਰ ਹੋਈ ਭਾਰੀ ਬਰਸਾਤ ਤੋਂ ਬਾਅਦ ਨਾਭਾ ਹਲਕੇ ਵਿੱਚ ਭੋੜੇ ਸਾਇਫਨ ਨਹਿਰ ਵਿੱਚ ਵੀ ਪਾਣੀ ਦਾ ਪੱਧਰ ਵੱਧ ਗਿਆ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਇਸਦਾ ਇੱਕ ਫਲੱਡ ਗੇਟ ਖੋਲ ਦਿੱਤਾ। ਨਹਿਰ 'ਚ ਪਾਣੀ ਛੱਡਣ ਕਾਰਨ ਹਲਕੇ ਦੇ ਦਰਜਨਾਂ ਪਿੰਡਾਂ ਵਿੱਚ ਫਸਲਾਂ ਪਾਣੀ ਦੀ ਭੇਟ ਚੜ੍ਹ ਗਈਆਂ, ਜਿਸ ਤੋਂ ਬਾਅਦ ਇਥੋਂ ਦੇ ਵਿਧਾਇਕ ਤੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸ਼ਾਸਨ ਅਧਿਕਾਰੀਆਂ ਨਾਲ ਕਈ ਪਿੰਡਾਂ ਦਾ ਦੌਰਾ ਕੀਤਾ। ਧਰਮਸੋਤ ਪਿੰਡ ਚਹਿਲ, ਮਾਂਗੇਵਾਲ, ਭੋੜੇ, ਭੋਜੋਮਾਜਰੀ ਤੇ ਬਿਰਡਵਾਲ ਸਮੇਤ ਦਰਜਨਾਂ ਪਿੰਡਾਂ 'ਚ ਗਏ ਤੇ ਕਿਸਾਨਾਂ ਨਾਲ ਮੁਲਾਕਾਤ ਕਰਕੇ ਸਰਕਾਰ ਵਲੋਂ ਛੇਤੀ ਮੁਆਵਜਾ ਜਾਰੀ ਕਰਨ ਦਾ ਭਰੋਸਾ ਦਿੱਤਾ।
ਇਸ ਮੌਕੇ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਕੁਦਰਤ ਦੀ ਮਾਰ ਕਾਰਨ ਕਾਫੀ ਪਿੰਡਾਂ ਵਿੱਚ ਕਿਸਾਨਾਂ ਦਾ ਫ਼ਸਲੀ ਤੇ ਹੋਰ ਨੁਕਸਾਨ ਹੋਇਆ ਹੈ ਜਿਸ ਦਾ ਜਾਇਜਾ ਲਿਆ ਗਿਆ ਹੈ ਤੇ ਕੈਪਟਨ ਸਰਕਾਰ ਕਿਸਾਨਾਂ ਦੀ ਇਸ ਸਥਿਤੀ 'ਚ ਹਰ ਸੰਭਵ ਮਦਦ ਲਈ ਵਚਨਬੱਧ ਹੈ। ਛੇਤੀ ਹੀ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਜਾਵੇਗਾ। ਇਸ ਮੌਕੇ ਪੀੜਤ ਕਿਸਾਨਾਂ ਨੇ ਕਿਹਾ ਕਿ ਭਾਰੀ ਬਰਸਾਤ ਤੇ ਫਲੱਡ ਗੇਟ ਖੋਲਣ ਕਾਰਨ ਉਨਾਂ ਦੀ ਹਜਾਰਾਂ ਏਕੜ ਝੋਨੇ ਦੀ ਫ਼ਸਲ ਤਬਾਹ ਹੋ ਗਈ ਹੈ।