ਨਾਭਾ: 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਵਰਕਰ ਸੋਮਵਾਰ ਨੂੰ ਜ਼ਿਲ੍ਹਾ ਫਤਿਹਗੜ੍ਹ ਦੇ ਇੰਚਾਰਜ ਮਨਵਿੰਦਰ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਘਿਰਾਓ ਕਰਨ ਪਹੁੰਚੇ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਵਰਕਰਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ। ਇਸ ਦੌਰਾਨ ਪੁਲਿਸ ਤੇ ਵਰਕਰਾਂ ਵਿੱਚ ਧੱਕਾ-ਮੁੱਕੀ ਵੀ ਹੋਈ, ਜਿਸ 'ਤੇ ਗੁੱਸੇ ਵਿੱਚ ਆਏ ਪਾਰਟੀ ਆਗੂਆਂ ਤੇ ਵਰਕਰਾਂ ਨੇ ਕੱਪੜੇ ਉਤਾਰ ਕੇ ਸਰਕਾਰ ਤੇ ਮੰਤਰੀ ਵਿਰੁੱਧ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਮੰਤਰੀ ਧਰਮਸੋਤ ਨੂੰ ਬਰਖਾਸਤ ਕਰਕੇ ਉਸ ਦੇ ਖਿਲਾਫ ਬਣਦੀ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਪਾਰਟੀ ਆਗੂ ਮਨਵਿੰਦਰ ਸਿੰਘ ਗਿਆਸਪੁਰਾ, ਜਰਨੈਲ ਸਿੰਘ ਅਤੇ ਸੰਨੀ ਕੈਂਥ ਨੇ ਕਿਹਾ ਕਿ ਉਹ ਇਥੇ ਕੈਬਿਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਘਿਰਾਉ ਕਰਨ ਲਈ ਪੁੱਜੇ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ, ਜਿਸ ਕਾਰਨ ਉਨ੍ਹਾਂ ਨੂੰ ਕੱਪੜੇ ਉਤਾਰ ਕੇ ਪੰਜਾਬ ਸਰਕਾਰ ਤੇ ਮੰਤਰੀ ਵਿਰੁੱਧ ਰੋਸ ਪ੍ਰਦਰਸ਼ਨ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਧਰਮਸੋਤ ਨੇ ਦਲਿਤ ਵਿਦਿਆਰਥੀਆਂ ਨਾਲ ਧ੍ਰੋਹ ਕਮਾਇਆ ਹੈ।