ਪਟਿਆਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੋਮਵਾਰ ਨੂੰ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦੀ ਮਨਜ਼ੂਰੀ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਲੰਗਰ ਤੇ ਪ੍ਰਸਾਦ ਵਰਤਾਉਣ ਦੀ ਮਨਜ਼ੂਰੀ ਲਈ ਲੌਂਗੋਵਾਲ ਨੇ ਕੇਂਦਰ ਨੂੰ ਲਿਖੀ ਚਿੱਠੀ
ਗੁਰੂ ਘਰਾਂ ਵਿੱਚ ਲੰਗਰ ਤੇ ਪ੍ਰਸਾਦ ਵਰਤਾਉਣ 'ਤੇ ਲਗਾਈ ਪਾਬੰਦੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਲੰਗਰ ਅਤੇ ਪ੍ਰਸਾਦ ਵੰਡਣ ਦੀ ਪ੍ਰਥਾ 'ਤੇ ਰੋਕ ਲਗਾਉਣ ਨੂੰ ਲੈ ਕੇ ਉਨ੍ਹਾਂ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ 'ਤੇ ਮੁੜ ਤੋਂ ਵਿਚਾਰ ਕਰਨ।
ਭਾਈ ਲੌਂਗੋਵਾਲ ਨੇ ਕਿਹਾ ਕਿ ਲੰਗਰ ਦੀ ਪ੍ਰਥਾ ਨੂੰ ਸਿੱਖ ਧਰਮ ਨਾਲੋਂ ਵੱਖ ਨਹੀਂ ਕੀਤਾ ਜਾ ਸਕਦਾ ਅਤੇ ਇਹ ਸਿੱਖ ਧਰਮ ਦੀ ਮਰਿਆਦਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐਸਜੀਪੀਸੀ ਅਧੀਨ ਆਉਂਦੇ ਸਾਰੇ ਗੁਰੂ ਘਰਾਂ ਵਿੱਚ ਕੇਂਦਰ ਦੇ ਨਿਯਮਾਂ ਮੁਤਾਬਕ ਸਫ਼ਾਈ ਤੇ ਸਮਾਜਿਕ ਦੂਰੀ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।