ਚੰਡੀਗੜ੍ਹ:ਮੁੱਖ ਮੰਤਰੀ ਨੇ ਪੰਜਾਬ ਅਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ 'ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਅਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ 'ਖਾਲਸਾ ਪੰਥ' ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।
ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਤਿਉਹਾਰ ਵਾਢੀ ਦੀ ਸ਼ੁਰੂਆਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪੱਕਣ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਮੌਕਾ ਸੂਬੇ ਦੇ ਕਿਸਾਨਾਂ ਦੀ ਮਿਹਨਤ ਦਾ ਫਲ ਇਕੱਤਰ ਕਰਨ ਦਾ ਵੇਲਾ ਹੈ। ਭਗਵੰਤ ਮਾਨ ਨੇ ਅਫਸੋਸ ਜ਼ਾਹਰ ਕੀਤਾ ਕਿ ਇਸ ਸਾਲ ਸਥਿਤੀ ਵੱਖਰੀ ਹੈ ਕਿਉਂਕਿ ਲਗਾਤਾਰ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇਸ ਸਥਿਤੀ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ ਪੂਰੀ ਤਰ੍ਹਾਂ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਵੱਡੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਨੁਕਸਾਨ ਦਾ ਪਤਾ ਲਾਉਣ ਲਈ ਗਿਰਦਾਵਰੀ ਲਈ ਪਾਰਦਰਸ਼ੀ ਪ੍ਰਕਿਰਿਆ ਅਪਣਾਈ ਗਈ ਹੈ।