ਪਟਿਆਲਾ : ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਦੇ ਨਜ਼ਦੀਕ ਆਉਂਦਿਆਂ ਹੀ ਧਰਨੇ ਪ੍ਰਦਰਸ਼ਨ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਸੰਗਰੂਰ ਕੋਠੀ ਅੱਗੇ 31 ਦਸੰਬਰ ਤੋਂ ਪੱਕਾ ਧਰਨਾ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਵਿੱਚ ਚੱਲ ਰਿਹਾ ਹੈ। ਬੇਰੁਜ਼ਗਾਰ ਸਾਂਝਾ ਮੋਰਚਾ ਜਿਸ ਵਿੱਚ ਪੰਜ ਬੇਰੁਜ਼ਗਾਰ ਜਥੇਬੰਦੀਆਂ ਸ਼ਾਮਿਲ ਹਨ।
ਉਕਤ ਜਥੇਬੰਦੀਆਂ ਨਾਲ ਸਬੰਧਤ ਬੇਰੁਜ਼ਗਾਰ ਬਾਰਾਂਦਰੀ ਗਾਰਡਨ ਵਿਖੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਵਾਈ.ਪੀ.ਐਸ ਚੌਂਕ ਵਿੱਚ ਪਹੁੰਚੇ। ਜਿੱਥੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਪਟਿਆਲਾ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਚੌਂਕ ਵਿੱਚ ਬੈਰੀਕੇਡਿੰਗ ਕੀਤੀ ਹੋਈ ਸੀ। ਪੁਲਿਸ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਨੂੰ ਚੌਂਕ ਵਿੱਚ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬੇਰੁਜ਼ਗਾਰ ਮੁੱਖ ਮੰਤਰੀ ਨੂੰ ਮਿਲਣ ਲਈ ਮੋਤੀ ਮਹਿਲ ਵਿੱਚ ਜਾਣ ਲਈ ਬਜ਼ਿੱਦ ਸਨ। ਜਿਸ ਦੌਰਾਨ ਬੇਰੁਜ਼ਗਾਰਾਂ ਦੀ ਪੁਲਿਸ ਪ੍ਰਸ਼ਾਸਨ ਨਾਲ ਜਬਰਦਸਤ ਧੱਕਾ ਮੁੱਕੀ ਹੋਈ।