ਰੂਪਨਗਰ: ਜਿੱਥੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ 25 ਸਤੰਬਰ ਨੂੰ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ ਇਸ ਦਿਨ ਸਵੇਰੇ 11 ਵਜੇ ਤੋਂ 1 ਵਜੇ ਤੱਕ ਪੂਰੇ ਪੰਜਾਬ ਵਿੱਚ ਸੜਕਾਂ ਜਾਮ ਕਰਨ ਦੀ ਗੱਲ ਕਹਿ ਰਿਹਾ ਹੈ। ਇਸ ਉੱਤੇ ਕਾਂਗਰਸ ਦੇ ਬੁਲਾਰੇ ਸੁਖਦੇਵ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕੀਤੀ।
ਕਾਂਗਰਸ ਦੇ ਬੁਲਾਰੇ ਸੁਖਦੇਵ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਤਾਂ ਪਹਿਲਾਂ ਹੀ 25 ਸਤੰਬਰ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਤੇ ਹੁਣ ਅਕਾਲੀ ਇਸ ਦਿਨ ਸੜਕਾਂ ਜਾਮ ਕਰਨਗੇ। ਉੁਨ੍ਹਾਂ ਕਿਹਾ ਕਿ ਇਹ ਤਾਂ ਕਿਸਾਨਾਂ ਦੇ ਬੰਦ ਦੀ ਕਾਲ ਨੂੰ ਸਾਬੋਤਾਜ ਕਰ ਰਹੇ ਹਨ ਅਤੇ ਕਿਸਾਨਾਂ ਤੇ ਲੋਕਾਂ ਵਿੱਚ ਆਪਣੀ ਕਿਸਾਨਾਂ ਪ੍ਰਤੀ ਛਵੀ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਇਹ ਕਿਸਾਨ ਪੱਖੀ ਨਹੀਂ ਹਨ।