ਰੂਪਨਗਰ: ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਐਤਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਵਿਖੇ ਮਿਊਂਸੀਪਲ ਕੌਂਸਲ ਦੀਆਂ ਚੋਣਾਂ ਸਬੰਧੀ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਕਰਨ ਦੇ ਲਈ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਦੇ ਚੱਲਦਿਆਂ ਜਿੱਥੇ ਸੂਬੇ ਦੇ ਲੋਕ ਭਾਜਪਾ ਤੋਂ ਬੁਰੀ ਤਰ੍ਹਾਂ ਖ਼ਫ਼ਾ ਹਨ, ਉਥੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਰਾਜ ਦੇ ਵਿੱਚ ਮਾੜੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਲੋਕਾਂ ਦੇ ਮਨ ਵਿੱਚ ਗੁੱਸਾ ਹੈ ਅਤੇ ਇਹ ਗੁੱਸਾ ਆਉਣ ਵਾਲੀਆਂ ਮਿਊਂਸੀਪਲ ਕਮੇਟੀ ਚੋਣਾਂ ਵਿੱਚ ਲੋਕਾਂ ਵੱਲੋਂ ਅਕਾਲੀ ਦਲ ਦੇ ਹੱਕ ਵਿੱਚ ਵੋਟਾਂ ਪਾ ਕੇ ਦਰਸਾਇਆ ਜਾਵੇਗਾ।
ਡਾ. ਦਲਜੀਤ ਸਿੰਘ ਚੀਮਾ ਨੇ ਇਸ ਮੌਕੇ ਪੰਜਾਬ ਦੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਪੰਜਾਬ ਦੇ ਵਿਚ ਲਾਅ ਐਂਡ ਆਰਡਰ ਨੂੰ ਸਹੀ ਰੱਖਣ ਦੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ।
ਮਿਊਂਸੀਪਲ ਚੋਣਾਂ ਨਿਰਪੱਖ ਹੋਣ ਨੂੰ ਲੈ ਕੇ ਖਦਸ਼ਾ ਕੀਤਾ ਜ਼ਾਹਿਰ
ਉਨ੍ਹਾਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਸੂਬੇ ਵਿੱਚ ਜੋ ਮੌਜੂਦਾ ਹਾਲਾਤ ਹਨ, ਉਨ੍ਹਾਂ ਵਿੱਚ ਮਿਊਂਸੀਪਲ ਕਮੇਟੀ ਦੀਆਂ ਚੋਣਾਂ ਨਿਰਪੱਖ ਢੰਗ ਨਾਲ ਹੋਣ ਇਸ ਦਾ ਉਨ੍ਹਾਂ ਨੂੰ ਸ਼ੰਕਾ ਹੈ। ਇਸ ਸਬੰਧੀ ਉਹ ਪਹਿਲਾਂ ਹੀ ਇਨ੍ਹਾਂ ਚੋਣਾਂ ਦੌਰਾਨ ਸੀ.ਆਰ.ਪੀ.ਐਫ. ਦੇ ਨਾਲ-ਨਾਲ ਚੋਣਾਂ ਵਿੱਚ ਵੀਡੀਓਗ੍ਰਾਫੀ ਕਰਵਾਉਣ ਬਾਰੇ ਮੰਗ ਕਰ ਚੁੱਕੇ ਹਨ ਤਾਂ ਕਿ ਲੋਕ ਆਪਣੀ ਵੋਟ ਦਾ ਨਿਰਪੱਖ ਤਰੀਕੇ ਨਾਲ ਪ੍ਰਯੋਗ ਕਰ ਸਕਣ।