ਸ੍ਰੀ ਅਨੰਦਪੁਰ ਸਾਹਿਬ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪ੍ਰਕਾਸ਼ ਪੁਰਬ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਵੱਡਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰਦੇ ਹੋਏ ਕਿਹਾ ਕਿ ਅਨੰਦ ਮੈਰਿਜ ਐਕਟ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਾਲ 2016 ’ਚ ਨੋਟੀਫਿਕੇਸ਼ਨ ਦੀ ਫਾਰਮੈਲਿਟੀ ਹੋਈ ਸੀ। ਨਾਲ ਹੀ ਉਨ੍ਹਾਂ ਕਿਹਾ ਕਿ ਅਨੰਦ ਮੈਰਿਜ ਐਕਟ ਤਹਿਤ ਵਿਆਹ ਨੂੰ ਰਜਿਸਟਰ ਕਰਵਾਇਆ ਜਾਵੇਗਾ। ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਨਾਲ ਹੀ ਪ੍ਰਚਾਰ ਵੀ ਕੀਤਾ ਜਾਵੇਗਾ।
ਸੀਐੱਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ ਆਨੰਦ ਮੈਰਿਜ ਐਕਟ ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ। ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ।
ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਵੀ ਕੀਤਾ ਹੈ। ਨਾਲ ਹੀ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਸੀਐਮ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਪੂਰੀ ਦੁਨੀਆ ‘ਚ ਸਤਿਕਾਰੇ ਜਾਂਦੇ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗਾ ਸਮਾਂ ਮਿਲਿਆ। ਗੁਰੂ ਚਰਨਾਂ ‘ਚ ਅਰਦਾਸ ਕੀਤੀ। ਪੰਜਾਬ ‘ਚ ਸਰਬ-ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਕਾਇਮ ਰਹੇ। ਗੁਰੂ ਸਾਹਿਬ ਸਭਨਾਂ ਦੇ ਵੇਹੜੇ ਖ਼ੁਸ਼ੀਆਂ-ਤੰਦਰੁਸਤੀਆਂ ਬਣਾਈ ਰੱਖਣ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਸੀਐੱਮ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇੱਕ ਮਹਾਨ ਅਧਿਆਤਮਕ ਆਗੂ ਸਨ, ਜਿਨ੍ਹਾਂ ਮਨੁੱਖਤਾ ਨੂੰ ਪਰਮਾਤਮਾ ਦੀ ਭਗਤੀ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਰਾਹ ਦਿਖਾਇਆ। ਗੁਰੂ ਜੀ ਦੀਆਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੀਆਂ ਸਦੀਵੀ ਸਿੱਖਿਆਵਾਂ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਵੀ ਪ੍ਰਸੰਗਿਕ ਹਨ।