ਸ੍ਰੀ ਅਨੰਦਪੁਰ ਸਾਹਿਬ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਆਪਣੇ ਨੰਗਲ ਦੌਰੇ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਿਨੇਟ ਮੰਤਰੀ ਨੇ ਇਕਾਂਤਵਾਸ ਕੀਤੇ ਗਏ ਪੌਜ਼ੀਟਿਵ ਮਰੀਜ਼ਾਂ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਚੱਲ ਰਹੇ ਇਲਾਜ 'ਤੇ ਹੋਰਨਾਂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਇਸ ਤੋਂ ਇਲਾਵਾ ਉਨ੍ਹਾਂ ਸਬ ਡਵੀਜਨ ਹਸਪਤਾਲ ਦੀ ਓਪੀਡੀ 'ਚ ਹੋਰਨਾਂ ਅਲਾਮਤਾਂ ਦੇ ਇਲਾਜ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕੋਵਿਡ-19 ਦੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਉਨ੍ਹਾਂ ਬੀ.ਬੀ.ਐਮ.ਬੀ. ਦੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਕੋਵਿਡ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।
ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ 'ਚ ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕੋਵਿਡ ਦੇ ਮੁਫ਼ਤ ਇਲਾਜ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਹਰ ਪੱਖ ਤੋਂ ਮਦਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਪੂਰੇ ਵਿਸ਼ਵ 'ਚ ਫੈਲੀ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਪੰਜਾਬ 'ਚ ਘੱਟ ਤੋਂ ਘੱਟ ਕੀਤਾ ਜਾ ਸਕੇ।