ਸ੍ਰੀ ਆਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਕਾਂਗਰਸੀ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਪੰਜਾਬ ਦੇ ਕਿਸਾਨਾਂ ਦੁਆਰਾ ਕੀਤੇ ਜਾ ਰਹੇ ਕਿਸਾਨੀ ਸੰਘਰਸ਼ 'ਤੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅਤੇ ਗੁਆਂਢੀ ਸੂਬੇ ਹਰਿਆਣਾ ਦੀ ਭਾਜਪਾ ਦੀ ਸਰਕਾਰ ਆਪਣੀਆਂ ਦਮਨਕਾਰੀ ਨੀਤੀਆਂ ਦੇ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਇਹ ਆਵਾਜ਼ ਕਿਸਾਨਾਂ ਦੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਆਵਾਜ਼ ਹੈ ਜਿਸ ਨੂੰ ਕੇਂਦਰ ਸਰਕਾਰ ਕਦੇ ਵੀ ਦਬਾਅ ਨਹੀਂ ਪਏਗੀ।
ਉਨ੍ਹਾਂ ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਰੋਕਣ ਦੇ ਲਈ ਦਿੱਲੀ ਪੁਲਿਸ ਅਤੇ ਹਰਿਆਣਾ ਪੁਲੀਸ ਵੱਲੋਂ ਕਿਤੇ ਪ੍ਰਬੰਧਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਕਿਹਾ ਕਿ ਰੋਸ ਪ੍ਰਗਟ ਕਰਨਾ ਸਭ ਦਾ ਸੰਵਿਧਾਨਕ ਹੱਕ ਹੈ ਅਤੇ ਆਵਾਜ਼ ਨੂੰ ਦਬਾਉਣ ਦੇ ਲਈ ਸਰਕਾਰਾਂ ਨੂੰ ਅਜਿਹੀਆਂ ਘਟੀਆ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ ਹਨ।
ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਨੂੰ ਸੰਘਰਸ਼ ਕਰਨ ਦੇ ਲਈ ਇਜਾਜ਼ਤ ਦਿੱਤੇ ਜਾਣ ਤੇ ਉਨ੍ਹਾਂ ਦਾ ਕੀ ਪ੍ਰਤੀਕਰਮ ਹੈ ਉਨ੍ਹਾਂ ਕਿਹਾ ਕਿ ਇਸ ਨੂੰ ਉਹ ਕਿਸਾਨਾਂ ਦੀ ਜਿੱਤ ਮੰਨਦੇ ਹਨ ਕਿਉਂਕਿ ਬੇਸ਼ੱਕ ਹਰਿਆਣਾ ਸਰਕਾਰ ਅਤੇ ਦਿੱਲੀ ਪੁਲੀਸ ਵੱਲੋਂ ਕਿਸਾਨਾਂ ਨੂੰ ਰੋਕਣ ਦਾ ਯਤਨ ਕੀਤਾ ਗਿਆ ਸੀ ਪਰ ਜਿਸ ਸ਼ਿੱਦਤ ਨਾਲ ਕਿਸਾਨ ਅੱਗੇ ਵਧ ਰਹੇ ਸਨ ਉਸ ਨੂੰ ਰੋਕ ਪਾਉਣਾ ਮੁਸ਼ਕਲ ਸੀ ਤੇ ਦਿੱਲੀ ਪਹੁੰਚਣਾ ਉਨ੍ਹਾਂ ਦੀ ਵੱਡੀ ਜਿੱਤ ਹੈ।