ਰੂਪਨਗਰ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 110 ਮੌਤਾਂ ਹੋ ਚੁੱਕੀਆਂ ਹਨ। ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਨੂੰ ਲੈ ਕੇ ਸਿਆਸਤ ਜਾਰੀ ਹੈ। ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ਨੂੰ ਜਨਤਾ ਸਾਹਮਣੇ ਹਰ ਮਾਮਲੇ 'ਚ ਪੂਰੀ ਤਰ੍ਹਾਂ ਫੇਲ ਸਰਕਾਰ ਦੱਸਿਆ ਹੈ। ਅੱਜ ਰੂਪਨਗਰ 'ਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਬਸਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਬਹੁਜਨ ਸਮਾਜ ਪਾਰਟੀ
ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨੇ ਅੱਜ ਰੂਪਨਗਰ 'ਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਹ ਰੋਸ ਪ੍ਰਦਰਸ਼ਨ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਵਿਰੋਧ 'ਚ ਕੀਤਾ ਗਿਆ। ਬਸਪਾ ਆਗੂਆਂ ਨੇ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ ਦੱਸਿਆ ਹੈ।
![ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਬਸਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ ਬਸਪਾ ਵਰਕਰਾਂ ਨੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ](https://etvbharatimages.akamaized.net/etvbharat/prod-images/768-512-8288921-thumbnail-3x2-rr.jpg)
ਬਹੁਜਨ ਸਮਾਜ ਪਾਰਟੀ ਵੱਲੋਂ ਰੂਪਨਗਰ ਦੇ ਮਹਾਰਾਜਾ ਰਣਜੀਤ ਸਿੰਘ ਬਾਗ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ 'ਚ ਬਸਪਾ ਦੇ ਵਰਕਰਾਂ ਨੇ ਹਿੱਸਾ ਲਿਆ। ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ।
ਬਸਪਾ ਆਗੂ ਜਗਦੀਸ਼ ਸਿੰਘ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਪੀਣ ਨਾਲ ਅੰਮ੍ਰਿਤਸਰ ਅਤੇ ਤਰਨ ਤਾਰਨ ਵਿਖੇ ਮੱਧ ਵਰਗੀ ਪਰਿਵਾਰ ਨਾਲ ਜੁੜੇ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਮਾਮਲੇ ਦਾ ਵਿਰੋਧ ਕਰਦਿਆਂ ਪੰਜਾਬ ਦੇ 117 ਹਲਕਿਆਂ ਦੇ ਵਿੱਚ ਬਸਪਾ ਵੱਲੋਂ ਕੈਪਟਨ ਸਰਕਾਰ ਦੇ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਬਸਪਾ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਕੈਪਟਨ ਸਰਕਾਰ ਨੇ ਸੂਬੇ ਜਨਤਾ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਸੂਬਾ ਸਰਕਾਰ ਲੋਕਾਂ ਲਈ ਮੁਸ਼ਕਲਾਂ ਵਧਾ ਰਹੀ ਹੈ। ਉਨ੍ਹਾਂ ਕੈਪਟਨ ਸਰਕਾਰ ਕੋਲੋਂ ਸੱਤਾ ਛੱਡਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਜਨਤਾ ਦਾ ਦੁਖ ਨਹੀਂ ਵੰਡ ਸਕਦੀ, ਅਜਿਹੀ ਸਰਕਾਰ ਨੂੰ ਸੱਤਾ 'ਚ ਰਹਿਣ ਦਾ ਹੱਕ ਨਹੀਂ ਹੈ। ਉਨ੍ਹਾਂ ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ।