ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ ਰੂਪਨਗਰ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਧੀਨ ਪੈਂਦੇ 94 ਪਿੰਡਾਂ ਨੂੰ ਵੱਖ-ਵੱਖ ਕੰਮਾਂ ਲਈ ਲਗਭਗ 49.58 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ, ਜਿਹਨਾਂ ਵਿੱਚ ਵੱਖ-ਵੱਖ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੋਟਰਾਂ, ਵੱਖ-ਵੱਖ ਸਕੀਮਾਂ ਲਈ ਕਲੋਰੀਨੇਟਰ ਸ਼ਾਮਿਲ ਕੀਤੇ ਗਏ ਹਨ, ਤਾਂ ਜੋ ਪਿੰਡ ਵਾਸੀਆਂ ਨੂੰ ਸਾਫ ਸੁਥਰੇ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾ ਸਕੇ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲਗਭਗ 20 ਵੱਖ-ਵੱਖ ਸਮਰੱਥਾ ਦੀਆਂ ਮੋਟਰਾਂ ਜਿਹਨਾਂ ਦੀ ਅਨੁਮਾਨਤ ਲਾਗਤ 18 ਲੱਖ ਰੁਪਏ ਹੈ, ਪੰਚਾਇਤਾਂ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੇ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਪੁਰਦ ਕੀਤੀਆਂ ਗਈਆਂ। ਬੈਂਸ ਨੇ ਦੱਸਿਆ ਕਿ ਪਹਿਲਾ ਜਦੋਂ ਪਿੰਡਾਂ ਵਿੱਚ ਮੋਟਰ ਖ਼ਰਾਬ ਹੋ ਜਾਂਦੀ ਸੀ ਤਾਂ ਕਈ ਦਿਨ ਲਈ ਪਿੰਡਾ ਵਿੱਚ ਪਾਣੀ ਦੀ ਸਪਲਾਈ ਬੰਦ ਹੋ ਜਾਂਦੀ ਸੀ। ਜਿਸ ਕਾਰਨ ਪਿੰਡ ਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ਉੱਤੇ ਹੀ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਪੈਂਦਾ ਸੀ।
ਮੰਤਰੀ ਬੈਂਸ ਨੇ ਕਿਹਾ ਕਿ ਅਸੀਂ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਅਤੇ ਪਾਣੀ ਵਰਗੀ ਬੁਨਿਆਦੀ ਸਹੂਲਤ ਨੂੰ ਹਰ ਘਰ ਤੱਕ ਨਿਰਵਿਘਨ ਪਹੁੰਚਾਉਣ ਲਈ ਉਪਰਾਲੇ ਕੀਤੇ। ਉਨ੍ਹਾਂ ਦੱਸਿਆ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਣ ਵਾਲੇ ਪਾਣੀ ਦਾ ਮੁੱਖ ਸਰੋਤ ਸਰਕਾਰੀ ਸਕੀਮਾਂ ਹਨ। ਇਸ ਲਈ ਉਹਨਾਂ ਵੱਲੋਂ ਵੱਖ-ਵੱਖ ਸਕੀਮਾਂ ਤੇ ਵਾਧੂ ਪੰਪਿੰਗ ਮਸ਼ੀਨਰੀ ਦਿੱਤੀ ਗਈ, ਜੇਕਰ ਕੋਈ ਮੋਟਰ ਖਰਾਬ ਹੋ ਜਾਂਦੀ ਹੈ ਤਾਂ ਉਸਦੀ ਥਾਂ ਉੱਤੇ ਤੁਰੰਤ ਨਵੀਂ ਮੋਟਰ ਪਾ ਕੇ ਪਾਣੀ ਦੀ ਸਪਲਾਈ ਚਾਲੂ ਕੀਤੀ ਜਾ ਸਕੇ।
ਦੱਸ ਦਈਏ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਸਮੇਂ ਦੌਰਾਨ ਹਲਕੇ ਅਧੀਨ ਪੈਂਦੇ ਸਮੂਹ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਪੀਣ ਵਾਲੇ ਪਾਣੀ ਸਬੰਧੀ ਜੋ ਸਮੱਸਿਆਵਾਂ ਹਨ, ਉਹਨਾਂ ਦਾ ਢੁੱਕਵਾਂ ਹੱਲ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇਗਾ। ਜਿਸ ਨੂੰ ਮੁੱਖ ਰੱਖਦੇ ਹੋਏ ਪਿਛਲੇ ਸਮੇਂ ਦੌਰਾਨ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿੱਚ 5 ਨਵੇਂ ਟਿਊਬਵੈੱਲ ਪਿੰਡ ਖਮੇੜਾ, ਭਲਾਣ, ਗੱਗ, ਮੰਗਲੂਰ ਅਤੇ ਪੱਟੀ ਵਿੱਚ 2 ਕਰੋੜ ਰੁਪਏ ਦੀ ਲਾਗਤ ਨਾਲ ਲਗਾਏ ਗਏ ਹਨ। ਜਿਹਨਾਂ ਤੋਂ ਪਿੰਡਾਂ ਨੂੰ ਪਾਣੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ 10 ਨਵੇਂ ਹੋਰ ਟਿਊਬਵੈੱਲਾਂ ਦਾ ਕੰਮ ਜਿਸ ਵਿੱਚ ਪਾਣੀ ਦੀ ਟੈਂਕੀ ਆਦਿ ਸ਼ਾਮਿਲ ਹਨ, ਲਗਭਗ 7 ਕਰੋੜ ਰੁਪਏ ਦੀ ਲਾਗਤ ਨਾਲ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੀਣ ਵਾਲੇ ਪਾਣੀ ਲਈ ਨਹਿਰੀ ਪ੍ਰੋਜੈਕਟ ਦਾ ਕੰਮ ਪ੍ਰਗਤੀ ਅਧੀਨ ਹੈ, ਜਿਸ ਵਿੱਚ 67 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ, ਇਨ੍ਹਾਂ ਪਿੰਡਾਂ ਲਈ ਕੰਮ ਜੰਗੀ ਪੱਧਰ ਉੱਤੇ ਚੱਲ ਰਿਹਾ ਹੈ ਅਤੇ ਜਲਦ ਹੀ ਮੁਕੰਮਲ ਕਰ ਦਿੱਤਾ ਜਾਵੇਗਾ।