ਰੂਪਨਗਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਕੱਲ੍ਹ ਰਾਹੁਲ ਗਾਂਧੀ ਵੱਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ 2022 ਦੇ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋਂ ਬਾਅਦ ਸੋਮਵਾਰ ਨੂੰ ਜਿੱਥੇ ਵਿਸ਼ਵ ਪ੍ਰਸਿੱਧ ਸ਼ਕਤੀਪੀਠ ਮਾਤਾ ਨੈਣਾ ਦੇਵੀ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਸ ਉਪਰੰਤ ਉਹ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਨਾਲ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਪੁੱਜੇ।
ਇੱਥੇ ਵੱਡੀ ਗਿਣਤੀ ਵਿਚ ਆਪਣੇ ਸਮਰਥਕਾਂ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ ਆਉਂਦੀਆਂ ਚੋਣਾਂ ਵਿੱਚ ਕਾਂਗਰਸ 2 ਤਿਹਾਈ ਬਹੁਮਤ ਦੇ ਨਾਲ ਮੁੜ ਪੰਜਾਬ ਦੇ ਵਿੱਚ ਸੱਤਾ 'ਤੇ ਕਾਬਜ਼ ਹੋਵੇਗੀ ਤੇ ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਜਿਸ ਦੀ ਵਿਸ਼ਵ ਦੇ ਵਿੱਚ ਇੱਕ ਵੱਡੀ ਮਹੱਤਤਾ ਹੈ, ਉਸ ਨੂੰ ਆਉਂਦੀ ਸਰਕਾਰ ਦੇ ਵਿੱਚ ਇੱਕ ਵਿਸ਼ੇਸ਼ ਪ੍ਰਤੀਨਿਧਤਾ ਦਿੱਤੀ ਜਾਵੇਗੀ।