ਪੰਜਾਬ

punjab

ETV Bharat / state

Government Paddy Procurement Start: ਹੁਣ ਇੱਕੋਂ ਦਿਨ ਹੋਵੇਗੀ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ, ਮੁੱਖ ਮੰਤਰੀ ਮਾਨ ਨੇ ਰਸਮੀ ਖਰੀਦ ਸ਼ੁਰੂ ਕਰਦਿਆਂ ਕੀਤਾ ਐਲਾਨ - ਝੋਨੇ ਦੇ ਸੀਜ਼ਨ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੋਨੇ ਦੀ ਸਰਕਾਰੀ ਖਰੀਦ ਦਾ ਰਸਮੀ ਉਦਘਾਟਨ ਸ੍ਰੀ ਚਮਕੌਰ ਸਾਹਿਬ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਤਿਹਾਸ 'ਚ ਪਹਿਲੀ ਵਾਰ ਹੋਵੇਗਾ ਜਦੋਂ ਝੋਨੇ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋਂ ਦਿਨ 'ਚ ਕੀਤੀ ਜਾਵੇਗੀ। (Paddy Procurement)

paddy procurement
paddy procurement

By ETV Bharat Punjabi Team

Published : Oct 3, 2023, 5:42 PM IST

ਸ੍ਰੀ ਚਮਕੌਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚਮਕੌਰ ਸਾਹਿਬ ਦੀ ਅਨਾਜ ਮੰਡੀ ਤੋਂ ਸੂਬੇ ਵਿੱਚ ਝੋਨੇ ਦੇ ਖਰੀਦ ਕਾਰਜਾਂ ਦੀ ਸ਼ੁਰੂਆਤ ਰਸਮੀ ਤੌਰ ਉਤੇ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਇਕ ਅਕਤੂਬਰ ਤੋਂ ਸ਼ੁਰੂ ਹੋਏ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਨਿਰਵਘਿਨ ਖਰੀਦ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹਾਂ ਅਤੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਝੋਨੇ ਦੀ ਖਰੀਦ ਦੇ ਪਹਿਲੇ ਦਿਨ ਹੀ ਫਸਲ ਦੀ ਲਿਫਟਿੰਗ ਸ਼ੁਰੂ ਹੋ ਚੁੱਕੀ ਹੈ ਜੋ ਆਪਣੇ ਆਪ ਵਿੱਚ ਰਿਕਾਰਡ ਹੈ। (Paddy Procurement)

ਖਰੀਦ, ਲਿਫਟਿੰਗ ਅਤੇ ਅਦਾਇਗੀ ਇੱਕੋ ਦਿਨ:ਮੁੱਖ ਮੰਤਰੀ ਨੇ ਕਿਹਾ ਕਿ ਖਰੀਦ, ਲਿਫਟਿੰਗ ਅਤੇ ਅਦਾਇਗੀ ਉਸੇ ਦਿਨ ਕੀਤੀ ਜਾਵੇਗੀ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲ ਵਿਧੀ ਨਾਲ ਕਾਰਜਸ਼ੀਲ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਇੱਕ ਬਟਨ ਦਬਾ ਕੇ ਡਿਜੀਟਲ ਢੰਗ ਨਾਲ ਭੁਗਤਾਨ ਕਰਨ ਦੀ ਪਹਿਲ ਦੀ ਸ਼ੁਰੂਆਤ ਕਰਦੇ ਹੋਏ ਇੱਕ ਕਿਸਾਨ ਨੂੰ ਝੋਨੇ ਦੀ ਅਦਾਇਗੀ ਟ੍ਰਾਂਸਫਰ ਕੀਤੀ। ਕਿਸਾਨਾਂ ਨੂੰ ਪੂਸਾ-44 ਅਤੇ ਝੋਨੇ ਦੀਆਂ ਹੋਰ ਸਬੰਧਤ ਕਿਸਮਾਂ ਦੀ ਕਾਸ਼ਤ ਬੰਦ ਕਰਨ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਕਿਸਮਾਂ ਦੀ ਕਾਸ਼ਤ ਬੰਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸੀਜ਼ਨ ਤੋਂ ਇਨ੍ਹਾਂ ਕਿਸਮਾਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ।

ਲਿਫਟਿੰਗ ਦੀ ਸਮੱਸਿਆ ਹੱਲ: ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਵੱਧ ਖਪਤ ਵਾਲੀਆਂ ਇਹ ਕਿਸਮਾਂ ਵਾਢੀ ਲਈ ਵੀ ਵੱਧ ਸਮਾਂ ਲੈਂਦੀਆਂ ਹਨ ਅਤੇ ਬਹੁਤ ਪਰਾਲੀ ਪੈਦਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਟਰੱਕਾਂ ਵਿੱਚ ਜੀ.ਪੀ.ਐਸ. ਵਰਗੀਆਂ ਅਤਿ-ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਲਿਫਟਿੰਗ ਦੀ ਸਮੱਸਿਆ ਹੱਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਿਯਮਾਂ ਵਿੱਚ ਢਿੱਲ ਦੇਣ ਤੋਂ ਬਾਅਦ 654 ਨਵੇਂ ਸ਼ੈਲਰਾਂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੇ ਮੁਆਵਜ਼ੇ ਦੀ ਵੰਡ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਕ-ਇਕ ਪੈਸੇ ਦਾ ਨੁਕਸਾਨ ਸੂਬਾ ਸਰਕਾਰ ਵੱਲੋਂ ਅਦਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸੂਬਾ ਸਰਕਾਰ ਕੋਲ ਸੂਬਾਈ ਆਫ਼ਤ ਰਾਹਤ ਫੰਡ ਵਿੱਚ ਕਾਫੀ ਪੈਸਾ ਹੈ।

ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ:ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੇ ਖਰੀਦ ਕਾਰਜਾਂ ਲਈ ਨੋਡਲ ਏਜੰਸੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੂੰ ਝੋਨੇ ਦੀ ਤੁਰੰਤ ਅਤੇ ਨਿਰਵਿਘਨ ਖਰੀਦ ਅਤੇ ਭੰਡਾਰਨ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕਿਹਾ। ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਖਰੀਦ ਹੋਈ ਫਸਲ ਨੂੰ ਉਸੇ ਦਿਨ ਮੰਡੀ ਵਿੱਚੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਨਿਰਧਾਰਤ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਝੋਨੇ ਦੇ ਸੀਜ਼ਨ ਲਈ 37,000 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ (ਸੀ.ਸੀ.ਐਲ.) ਪ੍ਰਾਪਤ ਕੀਤੀ ਹੈ।

ਨਿਰਵਿਘਨ ਖਰੀਦ ਨੂੰ ਯਕੀਨੀ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਝੋਨੇ ਦੀ ਖਰੀਦ ਲਈ ਕੇਂਦਰ ਸਰਕਾਰ ਪਾਸੋਂ ਸੀ.ਸੀ.ਐਲ. ਵਜੋਂ 42000 ਕਰੋੜ ਰੁਪਏ ਦੀ ਮੰਗ ਕੀਤੀ ਸੀ ਜਿਸ ਦੇ ਮੁਕਾਬਲੇ 37000 ਕਰੋੜ ਰੁਪਏ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਚਾਲੂ ਸੀਜ਼ਨ ਦੌਰਾਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਸੰਭਾਵਿਤ ਆਮਦ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।

ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ: ਕਿਸਾਨਾਂ ਨੂੰ ਪਰਾਲੀ ਸਾੜਨ ਦੀ ਪ੍ਰਥਾ ਨੂੰ ਤਿਆਗਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਨਵੇਂ ਖੇਤੀ ਸੰਦ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਭੱਠਿਆਂ ਲਈ ਪਰਾਲੀ ਬਾਲਣ ਦੇ ਨਾਲ-ਨਾਲ ਹੋਰ ਪਲਾਂਟਾਂ ਨੂੰ ਕਿਸਾਨਾਂ ਤੋਂ ਪਰਾਲੀ ਖਰੀਦਣ ਲਈ ਲਾਜ਼ਮੀ ਕੀਤਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੋਂ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਲਈ ਲਾਹੇਵੰਦ ਹੱਲ ਦੀ ਮੰਗ ਵੀ ਕੀਤੀ ਹੋਈ ਹੈ।

ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ : ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਡੀ.ਏ.ਪੀ. ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਇਸ ਪਹਿਲਕਦਮੀ ਨਾਲ ਤਿੰਨ ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਤੋਂ ਬਾਸਮਤੀ ਦੀ ਬਰਾਮਦ ਲਈ ਤੈਅ ਕੀਮਤ ਵਧਾਉਣ ਦੀ ਮੰਗ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿਉਂਕਿ ਅਸੀਂ ਫਸਲੀ ਵਿਭਿੰਨਤਾ ਨੂੰ ਹੋਰ ਅੱਗੇ ਵਧਾਉਣ ਦਾ ਫੈਸਲਾ ਕੀਤਾ ਹੈ ਜਿਸ ਕਰਕੇ ਕੀਮਤਾਂ ਵਿੱਚ ਵਾਧਾ ਹੋਣਾ ਲਾਹੇਵੰਦ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਬਾਸਮਤੀ ਦੀ ਕਾਸ਼ਤ ਹੇਠ 21 ਫੀਸਦੀ ਤੱਕ ਰਕਬਾ ਵਧਿਆ ਹੈ।

ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ: ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਸਾਉਣੀ ਮੰਡੀਕਰਨ ਸੀਜ਼ਨ, 2023-24 ਲਈ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2203 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀਆਂ ਚਾਰ ਖਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਪਨਸਪ ਅਤੇ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ, ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਦੇ ਨਾਲ ਮਿਲ ਕੇ ਭਾਰਤ ਸਰਕਾਰ ਦੁਆਰਾ ਨਿਰਧਾਰਤ ਮਾਪਦੰਡਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ 'ਤੇ ਝੋਨੇ ਦੀ ਖਰੀਦ ਕਰ ਰਹੀਆਂ ਹਨ।

ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ:ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕਰਕੇ ਸਰਕਾਰੀ ਖਰੀਦ ਏਜੰਸੀਆਂ ਨੂੰ ਅਲਾਟ ਕੀਤੇ ਗਏ। ਭਗਵੰਤ ਮਾਨ ਨੇ ਕਿਹਾ ਕਿ ਝੋਨੇ ਦੀ ਸੰਭਾਲ ਲਈ ਲੋੜੀਂਦੇ ਬਾਰਦਾਨੇ ਅਤੇ ਤਰਪਾਲਾਂ ਦੇ ਲੋੜੀਂਦੇ ਪ੍ਰਬੰਧ ਸਮੇਂ ਤੋਂ ਪਹਿਲਾਂ ਹੀ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਕੋਈ ਵੀ ਮਾਫੀਆ ਚਾਹੇ ਉਹ ਨਸ਼ਾ, ਰੇਤ ਜਾਂ ਜ਼ਮੀਨ ਹੜੱਪਣ ਵਾਲਾ ਹੋਵੇ, ਉਸ ਨੂੰ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ ਦੇ ਸੀਜ਼ਨ ਦੌਰਾਨ ਸੂਬਾ ਸਰਕਾਰ ਵੱਲੋਂ 182.10 ਲੱਖ ਮੀਟ੍ਰਿਕ ਟਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚੋਂ 173 ਲੱਖ ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਕਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੋਲ ਜੂਟ ਦੀਆਂ 4.86 ਲੱਖ ਗੰਢਾਂ ਮੌਜੂਦ ਹਨ ਅਤੇ ਬਾਕੀ ਦਾ ਪ੍ਰਬੰਧ ਮਿੱਲ ਮਾਲਕਾਂ ਵੱਲੋਂ ਕੀਤਾ ਜਾਵੇਗਾ।

ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ: ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਲਿਆਉਣ ਵਾਲੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਬਾਇਓਮੀਟ੍ਰਿਕ ਪ੍ਰਮਾਣਿਕਤਾ ਦੀ ਤਕਨੀਕ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਲਿਫਟਿੰਗ ਵਿੱਚ ਪਾਰਦਰਸ਼ਤਾ ਲਿਆਉਣ ਲਈ ਵਾਹਨਾਂ ਨੂੰ ਆਨਲਾਈਨ ਗੇਟ ਪਾਸ ਜਾਰੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਦੱਸਿਆ 2 ਅਕਤੂਬਰ ਤੱਕ ਮੰਡੀਆਂ ਵਿੱਚ 68000 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ ਜੋ ਪਿਛਲੇ ਸਾਲ ਨਾਲੋਂ 48 ਫੀਸਦੀ ਵੱਧ ਹੈ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਹੋਰ ਹਾਜ਼ਰ ਸਨ। (ਪ੍ਰੈਸ ਨੋਟ)

ABOUT THE AUTHOR

...view details