ਰੋਪੜ: ਸੂਬੇ ਭਰ ਵਿਚ ਲਾਏ ਗਏ ਪੰਜਵੇਂ ਰੋਜ਼ਗਾਰ ਮੇਲੇ ਦੌਰਾਨ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਾ ਪੱਧਰੀ ਸਮਾਗਮ ਦੌਰਾਨ 5 ਅਕਤੂਬਰ ਨੂੰ ਸ੍ਰੀ ਚਮਕੌਰ ਸਾਹਿਬ ਦਾਣਾ ਮੰਡੀ ਵਿਖੇ ਨਿਯੁਕਤੀ ਪੱਤਰ ਵੰਡਣਗੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਬਾਬਾ ਅਜੀਤ ਸਿੰਘ ਅਤੇ ਜੁਝਾਰ ਸਿੰਘ ਯਾਦਗਾਰੀ ਗੇਟਾਂ ਅਤੇ ਮੋਰਿੰਡਾ ਅੰਡਰ ਬ੍ਰਿਜ ਦਾ ਰਸਮੀ ਤੌਰ ਉੱਤੇ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਚੋਣ ਜਾਬਤਾ ਲੱਗਿਆ ਹੈ ਉੱਥੇ ਨੌਜਵਾਨਾਂ ਨੂੰ ਵੱਖਰੇ ਤੌਰ ਉੱਤੇ ਵਿਸ਼ੇਸ਼ ਸਮਾਗਮ ਕਰਕੇ ਨਿਯੁਕਤੀ ਪੱਤਰ ਵੰਡੇ ਜਾਣਗੇ।
ਇਸ ਮੌਕੇ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਵੱਲੋਂ ਆਪਣੀ ਪੇਸ਼ਕਾਰੀ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਜਵਾਨਾਂ ਵਿੱਚ ਉਤਸ਼ਾਹ ਭਰਨ ਲਈ ਪੰਜਾਬੀ ਲੋਕ ਨਾਚ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਸ੍ਰੀ ਚਮਕੌਰ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਦਾਣਾ ਮੰਡੀ ਪਹੁੰਚੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਦੱਸਿਆ ਕਿ ਸਮਾਗਮ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਉਨ੍ਹਾਂ ਨੇ ਸਮਾਗਮ ਵਾਲੀ ਥਾਂ ਆਉਣ ਵਾਲੇ ਵਾਹਨਾਂ ਲਈ ਪਾਰਕਿੰਗ, ਸਾਫ ਪਾਣੀ ਦਾ ਪ੍ਰਬੰਧ, ਸਟੇਜ਼ ਅਤੇ ਟ੍ਰੈਫਿਕ ਵਿਵਸਥਾ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀਆਂ ਨੂੰ ਜੋ ਜਿੰਮੇਵਾਰੀ ਸੌਪੀਂ ਗਈ ਹੈ, ਉਸ ਨੂੰ ਤਨਦੇਹੀ ਨਾਲ ਨਿਭਾਉਣ। ਇਸ ਦੌਰਾਨ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾਂ ਨੇ ਦੱਸਿਆ ਕਿ ਸੁਰੱਖਿਆ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਡਿਊਟੀਆਂ ਸਬੰਧੀ ਨਿਰਦੇਸ਼ ਵੀ ਦਿੱਤੇ।