ਰੂਪਨਗਰ:ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫੈਡਰਲ ਢਾਂਚੇ ਨੂੰ ਬਹੁਤ ਵੱਡਾ ਖੋਰਾ ਲਗਾਇਆ ਜਾ ਰਿਹਾ ਹੈ। ਚੀਮਾ ਨੇ ਕਿਹਾ ਕਿ ਪਹਿਲਾਂ ਕੇਂਦਰ ਵੱਲੋਂ ਤਿੰਨ ਖੇਤੀ ਕਾਨੂੰਨ ਬਣਾ ਕੇ ਰਾਜਾਂ ਦੇ ਨਾਲ ਧੱਕਾ ਕੀਤਾ। ਉਨ੍ਹਾਂ ਕਿਹਾ ਕਿ ਹੌਲੀ ਹੌਲੀ ਕੇਂਦਰ ਵੱਲੋਂ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਜੋ ਕਿ ਰਾਜਾਂ ਦੇ ਨਾਲ ਸਬੰਧਿਤ ਮਾਮਲੇ ਹਨ।
ਚੀਮਾ ਨੇ ਕਿਹਾ ਕਿ ਚਾਹੇ ਗੱਲ ਪੰਜਾਬ ਦੀ ਹੋਵੇ ਜਾਂ ਫਿਰ ਚੰਡੀਗੜ੍ਹ ਨੂੰ ਲੈਕੇ ਹਮੇਸ਼ਾ ਪੰਜਾਬ ਦੇ ਨਾਲ ਕੇਂਦਰ ਸਰਕਾਰ ਵੱਲੋਂ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਚੰਡੀਗੜ੍ਹ ਦੇ ਵਿੱਚੋਂ ਬਦਲੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬੀਆਂ ਨੂੰ ਚੰਡੀਗੜ੍ਹ ਦੇ ਵਿੱਚ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ ਹਨ। ਚੀਮਾ ਨੇ ਕਿਹਾ ਕਿ ਇਹ ਸਾਰਾ ਕੁਝ ਜਾਣ ਬੁੱਝ ਕੇ ਕੀਤਾ ਜਾ ਰਿਹਾ ਜਿਸ ਦੇ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਮੇਸ਼ਾ ਆਵਾਜ਼ ਚੁੱਕੀ ਗਈ ਹੈ ਤੇ ਅੱਗੇ ਤੋਂ ਸ਼੍ਰੋਮਣੀ ਅਕਾਲੀ ਦਲ ਇੰਨ੍ਹਾਂ ਚੀਜ਼ਾਂ ਦੇ ਖ਼ਿਲਾਫ਼ ਆਵਾਜ਼ ਚੁੱਕਦਾ ਰਹੇਗਾ।
ਆਉਣ ਵਾਲੀ 10 ਤਰੀਕ ਨੂੰ ਚੋਣਾਂ ਦੇ ਨਤੀਜਿਆਂ ਸਬੰਧੀ ਗੱਲ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਪੰਜਾਬ ਵਿੱਚ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਵਿੱਚ ਕੋਈ ਦੋ ਰਾਇ ਨਹੀਂ ਕਿ ਪੰਜਾਬ ਦੇ ਲੋਕ ਬਦਲ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਦਲ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਰੂਪ ਵਿੱਚ ਲੋਕਾਂ ਨੂੰ ਮਿਲੇਗਾ।
ਬੰਦੀ ਸਿੱਖ ਕੈਦੀਆਂ ਦੀ ਰਿਹਾਈ ਦੇ ਮਾਮਲੇ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਚੀਮਾ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਘੇਰਦਿਆਂ ਕਿਹਾ ਕਿ ਕੇਜਰੀਵਾਲ ਦੇ ਵੱਲੋਂ ਇਸ ਸੰਵੇਦਨਸ਼ੀਲ ਮੁੱਦੇ ਉੱਤੇ ਰਾਜਨੀਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਕੈਦੀ ਜਿਹੜੇ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਨ੍ਹਾਂ ਨੂੰ ਰਿਹਾਅ ਕਰਨਾ ਬਣਦਾ ਹੈ ਪਰ ਇੱਕ ਤਬਕੇ ਦੀਆਂ ਵੋਟਾਂ ਦੀ ਖਾਤਰ ਜਾਣਬੁੱਝ ਕੇ ਇਸ ਵਿੱਚ ਦੇਰੀ ਕੀਤੀ ਜਾ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ।