ਰੂਪਨਗਰ: ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਦਿਨੀਂ ਸੀਏਏ ਦਾ ਹਵਾਲਾ ਦੇ ਕੇ ਚੋਣਾਂ ਨਾ ਲੜਨ ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਦਰਾਰ ਪੈਣ ਦੀਆਂ ਖ਼ਬਰਾਂ ਮੀਡੀਆ ਦੀਆਂ ਸੁਰਖੀਆਂ ਬਣੀ ਗਈਆਂ ਸਨ। ਪਰ ਹੁਣ ਫੇਰ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿੱਚ ਭਾਜਪਾ ਦਾ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੇ ਇਸ ਯੂ-ਟਰਨ ਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੇ ਅਕਾਲੀ ਦਲ 'ਤੇ ਕਈ ਸਵਾਲ ਚੁੱਕੇ ਹਨ।
ਭਾਜਪਾ ਨੂੰ ਦਿੱਲੀ ਵਿੱਚ ਮੁੜ ਤੋਂ ਸਮਰਥਨ ਦੇਣ ਬਾਰੇ ਸਵਾਲ ਕੀਤੇ ਜਾਣ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਇਹ ਸਵਾਲ ਕੀਤਾ ਗਿਆ ਤਾਂ ਦਲਜੀਤ ਸਿੰਘ ਚੀਮਾ ਨੇ ਜਵਾਬ ਦਿੰਦੇ ਕਿਹਾ ਕਿ, "ਦੂਜੀਆਂ ਪਾਰਟੀਆਂ ਵਾਲੇ ਜੋ ਮਰਜੀ ਕਹੀ ਜਾਣ, ਸਾਡਾ ਭਾਰਤੀ ਜਨਤਾ ਪਾਰਟੀ ਨਾਲ ਦਹਾਕਿਆਂ ਪੁਰਾਣਾ ਰਿਸ਼ਤਾ ਹੈ।"