ਰੂਪਨਗਰ: ਡੀਸੀ ਸੋਨਾਲੀ ਗਿਰੀ ਵੱਲੋਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਹੋਲਾ ਮਹੱਲਾ ਦੇ ਸਬੰਧ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਕੋਰੋਨਾ ਮਹਾਂਮਾਰੀ ਤੋਂ ਬਚਾਓ ਰੱਖਣ ਲਈ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਦੀ ਪਾਲਣਾ ਕਰਨ ਅਤੇ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਖ ਆਗੂ, ਸੰਤ ਸਮਾਜ, ਲੰਗਰ ਲਾਉਣ ਵਾਲੇ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਵੀ ਮੌਜੂਦ ਰਹੇ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਸੀ ਸੋਨਾਲੀ ਗਿਰੀ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਕਿ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਇਸ ਇਤਿਹਾਸਿਕ ਤਿਉਹਾਰ ਹੋਲਾ ਮਹੱਲਾ ’ਚ ਆਉਣ ਵਾਲੀ ਸੰਗਤ ਨੂੰ ਅਪੀਲ ਕੀਤੀ ਜਾਵੇ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਆਉਣ ਸਮੇਂ 2 ਮਾਸਕ, ਸੈਨੀਟਾਈਜ਼ਰ ਨਾਲ ਲੈਕੇ ਆਉਣ ਅਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਕੋਸ਼ਿਸ਼ ਕਰਨ।