ਰੂਪਨਗਰ: ਡੀਸੀ ਦਫ਼ਤਰ ਵਿੱਚ ਕੰਮ ਕਰ ਰਹੇ ਸਮੂਹ ਕਰਮਚਾਰੀ ਹੜਤਾਲ 'ਤੇ ਚਲੇ ਗਏ ਹਨ। ਇਨ੍ਹਾਂ ਕਰਮਚਾਰੀਆਂ ਨੇ ਡੀਸੀ ਦਫ਼ਤਰ ਦੇ ਸਾਹਮਣੇ ਧਰਨਾ ਲਗਾ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ।
ਰੂਪਨਗਰ ਡੀਸੀ ਦਫ਼ਤਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਪੰਜਾਬ ਸਰਕਾਰ ਵਿਰੁੱਧ ਸੂਬੇ 'ਚ ਥਾਂ ਥਾਂ ਅਲਗ ਅਲਗ ਮੁੱਦਿਆਂ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਇੱਕ ਪਾਸੇ ਸਰਕਾਰ ਲੋਕਾਂ ਨੂੰ ਸਮਾਜਕ ਦੂਰੀ ਬਣਾਏ ਰੱਖਣ ਦੀ ਅਪੀਲ ਕਰ ਰਹੀ ਹੈ, ਉੱਥੇ ਹੀ ਧਰਨਾਕਾਰੀ ਸਰਕਾਰੀ ਹੁਕਮਾਂ ਦੀਆਂ ਧੱਜੀਆ ਉਡਾਉਦੇ ਹੋਏ ਵਿਖਾਈ ਦੇ ਰਹੇ ਹਨ।
ਰੂਪਨਗਰ ਡੀਸੀ ਦਫ਼ਤਰ ਦੇ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਕਰਮਚਾਰੀ ਦਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਹੜਤਾਲ ਮੁਲਾਜ਼ਮਾਂ ਦੀਆਂ ਚੱਲਦੀਆਂ ਆ ਰਹੀਆਂ ਵੱਖ-ਵੱਖ ਮੰਗਾਂ ਦੇ ਮੱਦੇਨਜ਼ਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਦੇ ਸਾਰ ਹੀ ਉਹ ਸਾਡੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨਗੇ ਪਰ ਤਿੰਨ ਸਾਲ ਬੀਤ ਜਾਣ ਮਗਰੋਂ ਵੀ ਉਨ੍ਹਾਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਹੈ।
ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਡੀਸੀ ਦਫਤਰ ਦੇ ਵਿੱਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਹਰ ਮੁਲਾਜ਼ਮ 'ਤੇ ਪ੍ਰਤੀ ਮਹੀਨਾ 200 ਰੁਪਏ ਜਜੀਆ ਟੈਕਸ ਲਗਾ ਦਿੱਤਾ ਗਿਆ ਹੈ। ਸਾਲ ਦਾ 2400 ਰੁਪਿਆ ਇਹ ਟੈਕਸ ਡਿਵੈਲਮੈਂਟ ਦੇ ਨਾਮ 'ਤੇ ਮੁਲਾਜ਼ਮਾਂ ਤੋਂ ਵਸੂਲਿਆ ਜਾ ਰਿਹਾ ਹੈ।
ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਇਸ ਤੋਂ ਇਲਾਵਾ ਸਰਕਾਰ ਨੇ ਮੁਲਾਜ਼ਮਾਂ ਦੇ ਮੋਬਾਈਲ ਭੱਤੇ 'ਚ ਵੀ ਕਟੌਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਉਨ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਹੈ ਤੇ ਨਾ ਹੀ ਉਨ੍ਹਾਂ ਦੀਆਂ ਪੁਰਾਣੀਆਂ ਡੀਏ ਦੀਆਂ ਕਿਸ਼ਤਾਂ ਅਦਾ ਕੀਤੀਆਂ ਹਨ।
ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਮੰਗਾਂ ਦੇ ਚੱਲਦੇ ਅਸੀਂ ਹੜਤਾਲ 'ਤੇ ਚਲੇ ਗਏ ਹਾਂ। ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸਾਡਾ ਧਰਨਾ 14 ਅਗਸਤ ਤੱਕ ਚੱਲੇਗਾ ਅਤੇ ਕੱਲ੍ਹ ਤੋਂ ਪੰਜਾਬ ਦੇ ਵੱਖ ਵੱਖ ਦਫ਼ਤਰਾਂ ਦੇ ਕਰਮਚਾਰੀ ਵੀ ਸਾਡੇ ਨਾਲ ਹੜਤਾਲ ਵਿੱਚ ਸ਼ਾਮਲ ਹੋਣਗੇ।