ਰੋਪੜ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਤਲੁਜ ਦਰਿਆ ਦੇ ਕੰਢੇ ਰੋਪੜ ਵਿਖੇ ਇਕ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਗਿਆ ਜਿਸ ਦਾ ਉਦਘਾਟਨ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਸਿੰਘ ਨੇ ਕੀਤਾ ਤੇ ਉਨ੍ਹਾਂ ਨਾਲ ਸ਼ੋਅ ਵਿੱਚ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਰਹੇ। ਇਸ ਦੌਰਾਨ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਨੇ ਕਿਹਾ ਕਿ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਨੂੰ ਖ਼ੂਬਸੁਰਤੀ ਨਾਲ ਸਮਾਜ ਤੱਕ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ੋਅ ਰਾਹੀਂ ਸਹਿਣਸ਼ੀਲਤਾ, ਸ਼ਾਂਤੀ, ਫਿਰਕੂ ਸਦਭਾਵਨਾ, ਔਰਤਾਂ ਦੇ ਸਸ਼ਕਤੀਕਰਣ ਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਦੀਆਂ ਭਾਵਨਾਵਾਂ ਨੂੰ ਜੀਵਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਜਿਹੇ ਸ਼ੋਅ ਸੂਬੇ ਵਿੱਚ ਆਉਣ ਵਾਲੇ ਚਾਰ ਮਹੀਨਿਆਂ ਦੌਰਾਨ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ।
ਉੱਥੇ ਹੀ ਲਾਈਟ ਐਂਡ ਸਾਊਂਡ ਸ਼ੋਅ ਨੂੰ ਦੇਖਣ ਤੋਂ ਬਾਅਦ ਸੰਗਤ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਕਾਲ ਤੇ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਦਰਸਾਉਂਦਾ ਇਹ ਸ਼ੋਅ ਬਹੁਤ ਹੀ ਵਧੀਆ ਹੈ। ਉਨ੍ਹਾਂ ਨੂੰ ਇਹ ਪਤਾ ਲੱਗਿਆ ਕਿ ਉਨ੍ਹਾਂ ਨੂੰ ਬਾਬੇ ਨਾਨਕੇ ਦੇ ਦੱਸੇ ਮਾਰਗ ਉੱਤੇ ਚਲਣ ਦੀ ਲੋੜ ਹੈ। ਉੱਥੇ ਹੀ ਸੰਗਤ ਨੇ ਲਾਈਟ ਐਂਡ ਸਾਊਂਡ ਸ਼ੋਅ ਦਾ ਪ੍ਰਬੰਧ ਕਰਨ 'ਤੇ ਪੰਜਾਬ ਸਰਕਾਰ ਤੇ ਰੂਪਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ ਦਾ ਖ਼ਾਸ ਧੰਨਵਾਦ ਵੀ ਕੀਤਾ।
ਕੈਬਿਨੇਟ ਮੰਤਰੀ ਚਰਨਜੀਤ ਚੰਨੀ ਨੇ ਇਹ ਵੀ ਕਿਹਾ, "ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਮੌਕਾ ਮਿਲਿਆ।"
ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਹੁਸ਼ਿਆਰਪੁਰ, ਲੁਧਿਆਣਾ, ਜਲੰਧਰ, ਗੁਰਦਾਸਪੁਰ, ਮੋਗਾ, ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ ਅਤੇ ਫ਼ਿਰੋਜ਼ਪੁਰ ਵਿੱਚ ਵੀ ਲਾਈਟ ਐਂਡ ਸਾਊਂਡ ਸੋਅ ਕਰਵਾਇਆ ਜਾਵੇਗਾ।