ਰੂਪਨਗਰ:ਭਲਕੇ ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਹੈ। ਜਿਸ ਨੂੰ ਲੈਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਰੂਪਨਗਰ ਜ਼ਿਲ੍ਹੇ 'ਚ ਵੀ ਇਸ ਸਬੰਧੀ ਸਮਾਗਮ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਬਹੁਤ ਹੀ ਸ਼ਰਧਾ ਸਤਿਕਾਰ ਅਤੇ ਉਤਸ਼ਾਹ ਨਾਲ ਵਿਰਾਸਤ ਏ ਖਾਲਸਾ ਵਿਖੇ ਆਯੋਜਿਤ ਕੀਤਾ ਜਾਵੇਗਾ।
ਜ਼ਿਲ੍ਹਾ ਰੂਪਨਗਰ ਵਿਚ ਹੋਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਇੱਕ ਵਿਸ਼ੇਸ਼ ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਡਾ ਪ੍ਰੀਤੀ ਯਾਦਵ ਨੇ ਕਿਹਾ ਕਿ 28 ਸਤੰਬਰ ਨੂੰ ਜ਼ਿਲ੍ਹੇ ਵਿੱਚ ਸ਼ਹੀਦ ਏ ਆਜਮ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਹੋਣ ਵਾਲੇ ਪ੍ਰੋਗਰਾਮਾਂ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਵੇਰੇ 6 ਵਜੇ ਸ਼ਹੀਦ ਭਗਤ ਸਿੰਘ ਚੌਂਕ ਤੋਂ ਮਹਾਰਾਜਾ ਰਣਜੀਤ ਸਿੰਘ ਪਾਰਕ ਤੱਕ ਸਾਈਕਲ ਰੈਲੀ ਕੱਢੀ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਵਿਰਾਸਤ ਏ ਖਾਲਸਾ ਵਿਖੇ ਸ਼ਾਮ ਨੂੰ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਤਸਵੀਰ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ ਅਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।