ਰੂਪਨਗਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੀ ਵਿਧਾਇਕ ਰਾਣਾ ਕੇਪੀ ਸਿੰਘ ਨੰਗਲ ਵਿਖੇ ਪਹੁੰਚੇ। ਇਥੇ ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਉੱਤੇ ਨਿਸ਼ਾਨੇ ਸਾਧੇ। ਮੀਡੀਆ ਨਾਲ ਰੁਬਰੂ ਹੁੰਦੇ ਹੋਏ ਉਨ੍ਹਾਂ ਕਿਸਾਨੀ ਮੁੱਦਿਆਂ, ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਚਰਚਾ ਕੀਤੀ।
ਕਿਸਾਨ ਅੰਦੋਲਨ ਖ਼ਤਮ ਕਰਨ ਲਈ ਚਾਲਾਂ ਚੱਲ ਰਹੀ ਭਾਜਪਾ
ਕਿਸਾਨੀ ਮੁੱਦਿਆਂ 'ਤੇ ਬੋਲਦੇ ਹੋਏ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਐਨਆਈਏ ਵੱਲੋਂ ਕਿਸਾਨਾਂ,ਆੜਤੀਆਂ 'ਤੇ ਟਰਾਂਸਪੋਰਟਾਂ 'ਤੇ ਜਾਰੀ ਕੀਤੇ ਗਏ ਨੋਟਿਸ ਤੇ ਛਾਪੇਮਾਰੀ ਬਿਲਕੁਲ ਹੀ ਗ਼ਲਤ ਹੈ। ਲੋਕਤੰਤਰ ਦੇ ਮੁਤਾਬਕ ਹਰ ਕਿਸੇ ਨੂੰ ਆਪਣੇ ਹੱਕਾਂ ਲਈ ਰੋਸ ਪ੍ਰਦਰਸ਼ਨ ਤੇ ਵਿਰੋਧ ਕਰਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੁੱਦਿਆਂ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਚਾਲਾਂ ਚੱਲ ਰਹੀ ਹੈ,ਜੋ ਕਿ ਲੋਕਤੰਤਰ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਆਵਾਜ਼ ਨੂੰ ਕਿਸੇ ਜਬਰਨ ਦਬਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਖ਼ਤਮ ਕਰਨ ਲਈ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਕਿਸਾਨ ਅੰਦੋਲਨ ਖ਼ਤਮ ਕਰਨ ਲਈ ਚਾਲਾਂ ਚੱਲ ਰਹੀ ਭਾਜਪਾ ਕਿਸਾਨਾਂ ਦੀ ਆਵਾਜ਼ ਨੂੰ ਜਬਰਨ ਨਹੀਂ ਦਬਾਇਆ ਜਾ ਸਕਦਾ
ਰਾਣਾ ਕੇਪੀ ਸਿੰਘ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ, ਕਿ ਜਿਸ ਭਾਵਨਾਵਾਂ ਨਾਲ ਕਿਸਾਨ ਬਾਰਡਰਾਂ ਦੇ ਉੱਤੇ ਬੈਠੇ ਹਨ,ਉਨ੍ਹਾਂ ਭਾਵਨਾਵਾਂ ਨੂੰ ਸਮਝਿਆ ਜਾਵੇ। ਉਨ੍ਹਾਂ ਕਿਸਾਨੀ ਮੁੱਦਿਆਂ ਨੂੰ ਸੰਜ਼ੀਦਗੀ ਨਾਲ ਸਮਝ ਕੇ ਹੱਲ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਜਿਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਲੰਬੇ ਸਮੇਂ ਤੋਂ ਚੱਲ ਰਿਹਾ ਹੈ, ਉਹ ਇੱਕ ਵੱਡੀ ਮਿਸਾਲ ਹੈ। ਕੇਂਦਰ ਸਰਕਾਰ ਨੂੰ ਇਸ ਤੋਂ ਸਬਕ ਲੈਣਾ ਚਾਹੀਦਾ ਹੈ ਤੇ ਜਲਦ ਤੋਂ ਜਲਦ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ ।
ਨਗਰ ਕੌਂਸਲ ਦੀਆਂ ਚੋਣਾਂ
ਨਗਰ ਕੌਂਸਲ ਦੀਆਂ ਚੋਣਾਂ ਬਾਰੇ ਗੱਲਬਾਤ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਚੋਣਾਂ ਹੋਣ ਮਗਰੋਂ ਤਿੰਨ ਦਿਨਾਂ ਬਾਅਦ ਰਿਜ਼ਲਟ ਆਉਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ 'ਚ ਕੋਈ ਬੁਰਾਈ ਨਹੀਂ ਹੈ, ਕਿਉਂਕਿ ਵਿਧਾਨ ਸਭਾ ਜਾਂ ਲੋਕ ਸਭਾ ਦੀਆਂ ਚੋਣਾਂ ਦੌਰਾਨ ਵੋਟਾਂ ਨੂੰ ਕਈ ਮਹੀਨੀਆਂ ਤੱਕ ਸਟਰਾਂਗ ਰੂਮ 'ਚ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਿੰਨ ਦਿਨਾਂ 'ਚ ਰਿਜ਼ਲਟ ਆਵੇਗਾ, ਇਸ ਨਾਲ ਚੋਣ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਵਧੀਆ ਢੰਗ ਨਾਲ ਕੰਮ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਦੱਸਿਆ ਕਿ ਕਾਂਗਰਸ ਪਾਰਟੀ ਆਪਣੇ ਚੋਣ ਨਿਸ਼ਾਨ 'ਚ ਨਗਰ ਕੌਂਸਲ ਚੋਣਾਂ ਲੜ ਰਹੀ ਹੈ ਤੇ ਇਸ ਦੌਰਾਨ ਬੇਹਦ ਸੋਚ ਸਮਝ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਨਗਰ ਕੌਂਸਲ ਚੋਣਾਂ 'ਚ ਕਾਂਗਰਸ ਦੀ ਜਿੱਤ ਦਾ ਦਾਅਵਾ ਕੀਤਾ।